ਸਿਡਨੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਆਸਟ੍ਰੇਲੀਆ ਦੇ ਗਵਰਨਰ ਜਨਰਲ ਡੇਵਿਡ ਹਰਲੇ ਅਤੇ ਵਿਰੋਧੀ ਧਿਰ ਦੇ ਨੇਤਾ ਪੀਟਰ ਡਟਨ ਨਾਲ ਮੁਲਾਕਾਤ ਕੀਤੀ। ਡੇਵਿਡ ਹਰਲੇ ਨਾਲ ਮੁਲਾਕਾਤ ਦੌਰਾਨ, ਦੋਵਾਂ ਨੇਤਾਵਾਂ ਨੇ ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਲੋਕਾਂ-ਦਰ-ਲੋਕ ਸੰਪਰਕਾਂ ਅਤੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਦੁਵੱਲੀ ਭਾਈਵਾਲੀ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨਾਲ ਵਿਆਪਕ ਗੱਲਬਾਤ ਤੋਂ ਬਾਅਦ ਮੋਦੀ ਨੇ ਹਰਲੇ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਲੈ ਕੇ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਟਵੀਟ ਕੀਤਾ ਕਿ “ਸਿਡਨੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਸਟ੍ਰੇਲੀਆ ਦੇ ਗਵਰਨਰ ਜਨਰਲ ਹਰਲੇ ਵਿਚਕਾਰ ਸਾਰਥਕ ਗੱਲਬਾਤ ਹੋਈ।
ਪੀ.ਐੱਮ. ਮੋਦੀ ਨੇ ਟਵੀਟ ਕੀਤਾ ਕਿ ”ਗਵਰਨਰ ਜਨਰਲ ਡੇਵਿਡ ਹਰਲੇ ਨੂੰ ਮਿਲ ਕੇ ਅਤੇ ਭਾਰਤ-ਆਸਟ੍ਰੇਲੀਆ ਸਬੰਧਾਂ ‘ਤੇ ਚਰਚਾ ਕਰਕੇ ਖੁਸ਼ੀ ਹੋਈ। ਸਾਡੇ ਦੇਸ਼ਾਂ ਦੇ ਵਿਚਕਾਰ ਮਜ਼ਬੂਤ ਸਬੰਧ ਇੱਕ ਬਿਹਤਰ ਸੰਸਾਰ ਦੇ ਨਿਰਮਾਣ ਵਿੱਚ ਯੋਗਦਾਨ ਪਾਉਣਗੇ।” ਮੰਗਲਵਾਰ ਨੂੰ ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਦੇ ਨਾਲ ਕੁਡੋਸ ਬੈਂਕ ਅਰੇਨਾ ਵਿੱਚ ਵਿਦੇਸ਼ੀ ਭਾਰਤੀਆਂ ਦੇ ਇੱਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇਸ ਦੌਰਾਨ ਮੋਦੀ ਅਤੇ ਅਲਬਾਨੀਜ਼ ਦੋਵਾਂ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਆਸਟ੍ਰੇਲੀਆ ਵਿੱਚ ਭਾਰਤੀ ਪ੍ਰਵਾਸੀਆਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।