ਪਟਿਆਲਾ- ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪਟਿਆਲਾ ਸਥਿਤ ਲੋਕ ਨਿਰਮਾਣ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਤਾਇਨਾਤ ਅਧਿਕਾਰੀਆਂ ਨਾਲ ਬੈਠਕ ਕਰ ਕੇ ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਮੌਕੇ ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਦੇ ਅਧੀਨ ਚੱਲ ਰਹੇ ਲਿੰਕ ਰੋਡ, ਪਲੈਨ ਰੋਡ, ਕਲਵਰਟ, ਪੁਲਾਂ ਅਤੇ ਇਮਾਰਤਾਂ ਦੇ ਕੰਮਾਂ ਦੇ ਤਖਮੀਨਿਆਂ, ਟੈਂਡਰਾਂ ਦੀ ਮਨਜ਼ਰੀ ਆਦਿ ਦੀ ਪ੍ਰਕਿਰਿਆ ਦੀ ਵਿਸਥਾਰ ’ਚ ਸਮੀਖਿਆ ਵੀ ਕੀਤੀ।
ਉਨ੍ਹਾਂ ਦੱਸਿਆ ਕਿ ਸੂਬੇ ਅੰਦਰ ਪੀ. ਡਬਲਿਊ. ਡੀ. ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਵਿਕਾਸ ਨੂੰ ਹੋਰ ਤੇਜ਼ ਕਰਦੇ ਹੋਏ ਸਾਰੇ ਕਾਰਜ ਭ੍ਰਿਸ਼ਟਾਚਾਰ ਰਹਿਤ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਸੂਬੇ ਦੀਆਂ ਪੀ. ਸੀ. ਆਈ.-1 ਤੇ 2 ਅਤੇ ਨਬਾਰਡ ਤਹਿਤ 883 ਕਿਲੋਮੀਟਰ ਲੰਬੀਆਂ ਸੜਕਾਂ ਦੀ ਮੁਰੰਮਤ ਦਾ ਕੰਮ 678 ਕਰੋੜ ਰੁਪਏ ਦੀ ਲਾਗਤ ਨਾਲ ਬਹੁਤ ਜਲਦ ਕਰਵਾਇਆ ਜਾਵੇਗਾ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੇ ਵਿਕਾਸ ਲਈ ਮੁੱਖ ਬੁਨਿਆਦੀ ਢਾਂਚਾ ਤਿਆਰ ਕਰਨ ਮੌਕੇ ਉਸਾਰੀ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਨਾਬਾਰਡ 28 ਸਕੀਮ ਅਧੀਨ 334 ਕਿਲੋਮੀਟਰ ਲੰਬੀਆਂ 41 ਸੜਕਾਂ ਦੀ ਰਿਪੇਅਰ ਦਾ ਕੰਮ 245 ਕਰੋੜ ਰੁਪਏ ਨਾਲ ਸ਼ੁਰੂ ਕੀਤਾ ਜਾਣਾ ਹੈ। ਇਸ ਲਈ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਨੇ ਲਿੰਕ ਸੜਕਾਂ ਅਤੇ ਇਮਾਰਤਾਂ ਦੇ ਪੈਂਡਿੰਗ ਕੰਮਾਂ ਦਾ ਨਿਰੀਖਣ ਵੀ ਕੀਤਾ।