ਜਲੰਧਰ – ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਜਲਦੀ ਹੀ ਉਦਯੋਗਿਕ ਹੱਬ ਬਣ ਜਾਵੇਗਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਲਈ ਲਗਾਤਾਰ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦਿੱਲੀ ’ਚ ਕੇਂਦਰੀ ਮੰਤਰੀਆਂ ਨਿਤਿਨ ਗਡਕਰੀ ਅਤੇ ਹਰਦੀਪ ਪੁਰੀ ਨਾਲ ਮੀਟਿੰਗ ਬਹੁਤ ਵਧੀਆ ਰਹੀ ਅਤੇ ਜਿਸ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਪੂਰੀ ਕੋਸ਼ਿਸ਼ ਹੈ ਕਿ ਪੰਜਾਬ ’ਚ ਸੜਕ, ਰੇਲ ਅਤੇ ਹਵਾਈ ਸੰਪਰਕ ’ਚ ਸੁਧਾਰ ਲਿਆਇਆ ਜਾਵੇ ਅਤੇ ਉਨ੍ਹਾਂ ਨੇ ਇਹ ਮਾਮਲਾ ਕੇਂਦਰ ਸਰਕਾਰ ਸਾਹਮਣੇ ਉਠਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੋ ਕਹਿੰਦੇ ਹਨ, ਉਹੀ ਕਰਦੇ ਹਨ। ਉੱਦਮੀਆਂ ਨੂੰ ਰਾਹਤ ਦੇਣ ਲਈ ਉਨ੍ਹਾਂ ਨੇ ਹਰੇ ਰੰਗ ਦੇ ਸਟੈਂਪ ਪੇਪਰ ਸ਼ੁਰੂ ਕੀਤੇ ਹਨ, ਜਿਸ ਨਾਲ ਸੂਬੇ ’ਚ ਵੱਧ ਤੋਂ ਵੱਧ ਪੂੰਜੀ ਨਿਵੇਸ਼ ਹੋ ਸਕੇ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਸ਼ਹਿਰਾਂ ’ਚ ਵਿਕਾਸ ਕਾਰਜਾਂ ’ਚ ਆਉਣ ਵਾਲੇ ਦਿਨਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਦੇਖ-ਰੇਖ ਹੇਠ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦਾ ਸਰਬਪੱਖੀ ਵਿਕਾਸ ਚਾਹੁੰਦੇ ਹਨ ਅਤੇ ਇਸ ਲਈ ਉਹ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਕੰਮ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਮੀਂਹ ਦੇ ਮੌਸਮ ਦੌਰਾਨ ਸ਼ਹਿਰਾਂ ਦੀਆਂ ਸੜਕਾਂ ’ਤੇ ਪਾਣੀ ਜਮ੍ਹਾ ਹੋਣ ਦੀ ਸਮੱਸਿਆ ਪਿਛਲੀਆਂ ਸਰਕਾਰਾਂ ਦੀ ਦੇਣ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਸਮੱਸਿਆ ਦਾ ਗੰਭੀਰਤਾ ਨਾਲ ਅਧਿਐਨ ਕਰ ਰਹੀ ਹੈ ਅਤੇ ਆਉਣ ਵਾਲੇ ਦਿਨਾਂ ’ਚ ਇਸ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ’ਚ ਮੁੱਖ ਮੰਤਰੀ ਨੇ ਪਿਛਲੇ ਦਿਨਾਂ ’ਚ ਹੀ ਜਲੰਧਰ ਨੂੰ ਵਿਕਾਸ ਕਾਰਜਾਂ ਲਈ ਬਹੁਤ ਸਾਰੀਆਂ ਗ੍ਰਾਂਟਾਂ ਜਾਰੀ ਕੀਤੀਆਂ ਹਨ, ਜਿਨ੍ਹਾਂ ਨੂੰ ਆਉਣ ਵਾਲੇ ਦਿਨਾਂ ’ਚ ਖ਼ਰਚ ਕਰਕੇ ਸ਼ਹਿਰਾਂ ਦੀ ਹਾਲਤ ਨੂੰ ਸੁਧਾਰਿਆ ਜਾਵੇਗਾ।