ਤਰਨਤਾਰਨ- ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ. ਐੱਸ. ਐੱਫ. ਅਤੇ ਪੁਲਸ ਦੀ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਬੀਤੀ ਰਾਤ ਕਰੋੜਾਂ ਰੁਪਏ ਦੀ ਕੀਮਤ ਵਾਲੀ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਦਾ ਵਜ਼ਨ 3 ਕਿੱਲੋ 700 ਗ੍ਰਾਮ ਦੱਸਿਆ ਗਿਆ ਹੈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਖਾਲੜਾ ਵਿਖੇ ਬੀ. ਓ. ਪੀ ਰਾਜੋਕੇ ਅਧੀਨ ਆਉਂਦੇ ਇਲਾਕੇ ‘ਚ ਬੀ. ਐੱਸ. ਐੱਫ. ਦੀ ਅਤੇ ਪੰਜਾਬ ਪੁਲਸ ਦੀ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਇੱਕ ਪੈਕਟ ਹੈਰੋਇਨ ਬਰਾਮਦ ਕੀਤਾ ਗਿਆ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਸਬ ਡਵੀਜ਼ਨ ਭਿੱਖੀਵਿੰਡ ਦੇ ਡੀ. ਐੱਸ. ਪੀ. ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਪੁਲਸ ਅਤੇ ਬੀ. ਐੱਸ. ਐੱਫ. ਵਲੋਂ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ 1 ਪੈਕਟ ਹੈਰੋਇਨ ਸਰਪੰਚ ਮਹਿਤਾਬ ਸਿੰਘ ਪੁੱਤਰ ਬਾਜ਼ ਸਿੰਘ ਵਾਸੀ ਰਾਜੋਕੇ ਦੇ ਖੇਤਾਂ ‘ਚੋਂ ਬਰਾਮਦ ਕੀਤੀ ਗਈ ਹੈ।
ਇਸ ਦਾ ਵਜ਼ਨ 3.7 ਕਿੱਲੋ ਹੈ। ਇਸ ਪੈਕਟ ਨੂੰ ਖੋਲ੍ਹਣ ਤੋਂ ਬਾਅਦ ਉਸ ‘ਚੋਂ 3 ਕਿੱਲੋ ਹੈਰੋਇਨ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਇਹ ਹੈਰੋਇਨ ਡਰੋਨ ਰਾਹੀਂ ਸੁੱਟੀ ਗਈ ਹੈ ਸਕਦੀ ਹੈ। ਜਿਸ ਸਬੰਧੀ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।