ਜਲੰਧਰ – ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸੂਬੇ ਦੇ ਕਿਸਾਨਾਂ ਨੂੰ ਮਾਨਕ ਬੀਜਾਂ, ਖਾਦਾਂ ਅਤੇ ਕੀੜੇਮਾਰ ਦਵਾਈਆਂ ਦੀ ਸਪਲਾਈ ਯਕੀਨੀ ਬਣਾਉਣ ਲਈ ਜਲੰਧਰ ਜ਼ਿਲ੍ਹੇ ਲਈ 2 ਫਲਾਇੰਗ ਸਕੁਐਡ ਟੀਮਾਂ ਤਿਆਰ ਕੀਤੀਆਂ ਹਨ। ਉਂਝ ਕੁੱਲ 7 ਟੀਮਾਂ ਬਣਾਈਆਂ ਗਈਆਂ ਹਨ। ਜਲੰਧਰ ਜ਼ਿਲ੍ਹੇ ਵਿੱਚ ਕੀਟਨਾਸ਼ਕ ਦਵਾਈਆਂ,ਬੀਜ ਅਤੇ ਖਾਦ ਵੇਚਣ ਵਾਲੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕਰਦਿਆਂ 13 ਦੁਕਾਨਾਂ ਤੋਂ ਬੀਜ ਦੇ ਸੈਂਪਲ ਲਏ ਗਏ ਹਨ। ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵੰਤ ਰਾਏ ਅਤੇ ਖੇਤੀਬਾੜੀ ਅਫ਼ਸਰ ਡਾ. ਜਸਮਿੰਦਰ ਸਿੰਘ ਨੇ ਦੱਸਿਆ ਕਿ ਫਲਾਇੰਗ ਸਕੁਐਡ ਟੀਮਾਂ ਤਿਆਰ ਕੀਤੀਆਂ ਗਈਆਂ ਹਨ।
ਉਹ ਤਿੰਨ ਤੋਂ ਚਾਰ ਜ਼ਿਲ੍ਹਿਆਂ ਨੂੰ ਕਵਰ ਕਰਨਗੇ। ਸੋਮਵਾਰ ਅਤੇ ਮੰਗਲਵਾਰ ਨੂੰ ਇਨ੍ਹਾਂ ਫਲਾਇੰਗ ਸਕੁਐਡ ਟੀਮਾਂ ਨੇ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਤਰਨਤਾਰਨ ਵਿੱਚ ਬੀਜ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ। ਡਾ. ਜਸਵੰਤ ਰਾਏ ਨੇ ਦੱਸਿਆ ਕਿ ਪਿਛਲੇ ਮਹੀਨੇ ਵਿਭਾਗ ਨੇ 85 ਦੁਕਾਨਾਂ ਤੋਂ ਸੈਂਪਲ ਲਏ ਸਨ। ਜਿਨ੍ਹਾਂ ਵਿੱਚੋਂ 15 ਸੈਂਪਲ ਫੇਲ੍ਹ ਪਾਏ ਗਏ ਹਨ। ਜਿਸ ਦਾ ਲਾਇਸੈਂਸ 30 ਦਿਨਾਂ ਲਈ ਸਸਪੈਂਡ ਕਰ ਦਿੱਤਾ ਗਿਆ ਹੈ।