ਲੰਬੀ, 9 ਅਗਸਤ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਪਿੰਡ ਮਿੱਡੂਖੇੜਾ ਵਿਖੇ ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਦੇ ਘਰ ਪਹੁੰਚੇ। ਵਿੱਕੀ ਮਿੱਡੂਖੇੜਾ ਦਾ ਬੀਤੇ ਦਿਨੀਂ ਮੋਹਾਲੀ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸੁਖਬੀਰ ਸਿੰਘ ਬਾਦਲ ਨੇ ਵਿੱਕੀ ਦੇ ਭਰਾ ਅਜੇਪਾਲ ਸਿੰਘ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਵਿੱਕੀ ਦਾ ਪਰਿਵਾਰ ਉਨ੍ਹਾਂ ਦਾ ਆਪਣਾ ਪਰਿਵਾਰ ਹੈ, ਇਹ ਪਰਿਵਾਰ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਹੋਇਆ ਹੈ। ਉਹ ਇਸ ਮਾਮਲੇ ਵਿਚ ਸ਼ਾਮਿਲ ਗੈਂਗਸਟਰਾਂ ਨੂੰ ਜਲਦ ਕਾਬੂ ਕਰਨ ਲਈ ਰੋਜ਼ਾਨਾ ਹੀ ਪੰਜਾਬ ਪੁਲਸ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਰਹੇ ਹਨ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬਹੁਤ ਮਾੜੀ ਹੈ। ਉਨ੍ਹਾਂ ਕਿਹਾ ਕਿ ਜੱਗੂ ਭਗਵਾਨਪੁਰੀਆ ਜਿਹੇ ਗੈਂਗਸਟਰਾਂ ਨੂੰ ਪੰਜਾਬ ਸਰਕਾਰ ਨੇ ਆਪਣੇ ਵੀ. ਆਈ. ਪੀ. ਮਹਿਮਾਨ ਬਣਾ ਕੇ ਰੱਖਿਆ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਜੱਗੂ ਭਗਵਾਨਪੁਰੀਆ ਜਿਹਾ ਵਿਅਕਤੀ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਦਾ ਖਾਸ ਹੈ। ਉਨ੍ਹਾਂ ਕਿਹਾ ਕਿ ਵਿੱਕੀ ਮਿੱਡੂਖੇੜਾ ਦੇ ਕਾਤਲਾਂ ਨੂੰ ਭੱਜਣ ਨਹੀਂ ਦੇਵਾਂਗੇ। ਸੁਖਬੀਰ ਸਿੰਘ ਬਾਦਲ ਨੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਕਾਨੂੰਨ ਵਿਵਸਥਾ ਸਬੰਧੀ ਬਿਆਨ ਤੇ ਕਿਹਾ ਕਿ ਜੇਕਰ ਕੈਬਨਿਟ ਮੰਤਰੀ ਅਜਿਹਾ ਕਹਿ ਰਹੇ ਤਾਂ ਫਿਰ ਇਸ ਮਾੜੀ ਕਾਨੂੰਨ ਵਿਵਸਥਾ ਲਈ ਜ਼ਿੰਮੇਵਾਰ ਕੌਣ ਹੈ।