ਮੋਗਾ – ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਡਾ. ਨਿਧੀ ਕਮੁਦ ਬਾਂਬਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ’ਚ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਸਤੰਬਰ ਤੱਕ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ’ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇਨਜ਼ਰ 5 ਜਾਂ 5 ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਦਰਿਆ ਸਤਲੁਜ ਵਿਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ’ਚੋਂ ਰੇਤਾ ਅਤੇ ਮਿੱਟੀ ਦੀ ਨਿਕਾਸੀ ’ਤੇ ਪਾਬੰਦੀ ਦੇ ਹੁਕਮ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੀ ਧਰਮਕੋਟ ਸਬ-ਡਿਵੀਜ਼ਨ ਅੰਦਰ ਦਰਿਆ ਸਤਲੁਜ ਅਤੇ ਨਾਲ ਲੱਗਦੇ ਪਿੰਡਾਂ ਵਿਚ ਨਿਯਮਾਂ ਦੇ ਵਿਰੁੱਧ ਨਾਜਾਇਜ਼ ਤੌਰ ’ਤੇ ਰੇਤੇ ਅਤੇ ਮਿੱਟੀ ਦੀ ਨਿਕਾਸੀ ਲਗਾਤਾਰ ਸਮਾਜ ਵਿਰੋਧੀ ਤੱਤਾਂ ਵੱਲੋਂ ਕੀਤੀ ਜਾ ਰਹੀ ਹੈ।
ਅਜਿਹਾ ਕਰਨ ਨਾਲ ਜਿੱਥੇ ਦਰਿਆ ਦੇ ਬੰਨ੍ਹ ਅਤੇ ਪੁਲਾਂ ਨੂੰ ਖ਼ਦਸ਼ਾ ਪੈਦਾ ਹੁੰਦਾ ਹੈ, ਉੱਥੇ ਜਾਨੀ-ਮਾਲੀ ਨੁਕਸਾਨ ਵੀ ਹੋ ਸਕਦਾ ਹੈ। ਇਸ ਲਈ ਸਰਕਾਰ ਵੱਲੋਂ ਪ੍ਰਵਾਨਿਤ ਖੱਡਾਂ ਤੋਂ ਇਲਾਵਾ ਸਤਲੁਜ ਦਰਿਆ ਵਿਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ਵਿਚ ਰੇਤਾ ਅਤੇ ਮਿੱਟੀ ਦੀ ਨਿਕਾਸੀ ਕਰਨ ਲਈ ਵਰਤੀਆਂ ਜਾਣ ਵਾਲੀਆਂ ਜੇ. ਸੀ. ਬੀ. ਮਸ਼ੀਨਾਂ, ਪੌਪਲਾਈਨ ਮਸ਼ੀਨਾਂ, ਟਰੱਕ ਅਤੇ ਟਰਾਲੀਆਂ ਆਦਿ ਦਰਿਆ ਸਤਲੁਜ ਅੰਦਰ ਅਤੇ ਦਰਿਆ ਦੇ ਬੰਨ੍ਹ ਤੋਂ ਬਾਹਰ 500 ਮੀਟਰ ਘੇਰੇ ਦੇ ਅੰਦਰ ਲਿਆਉਣ ’ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰ ਵੱਲੋਂ ਖੇਤਾਂ ਵਿੱਚੋਂ ਮਿੱਟੀ ਚਕਾਉਣ ਲਈ ਜਾਰੀ ਹੋਈਆਂ ਹਦਾਇਤਾਂ ’ਤੇ ਲਾਗੂ ਨਹੀਂ ਹੋਵੇਗਾ।