ਮੋਦੀ ‘ਆਪ’ ਨੇਤਾਵਾਂ ਨੂੰ ਜੇਲ ਭੇਜ ਕੇ ਪਾਰਟੀ ਨੂੰ ਖ਼ਤਮ ਨਹੀਂ ਕਰ ਸਕਦੇ: ਭਗਵੰਤ ਮਾਨ


ਜਲੰਧਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਆਪ’ ਨੇਤਾਵਾਂ ਨੂੰ ਜੇਲ ਭੇਜ ਕੇ ਪਾਰਟੀ ਨੂੰ ਖ਼ਤਮ ਨਹੀਂ ਕਰ ਸਕਦੇ ਹਨ। ਬੀਤੇ ਦਿਨ ਮੱਧ ਪ੍ਰਦੇਸ਼ ਦੇ ਸਤਨਾ ਸ਼ਹਿਰ ’ਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਜਦੋਂ ਵੀ ਵਧੀਆ ਕੰਮ ਕਰਦੀਆਂ ਹਨ ਤਾਂ ਇਹ ਮੋਦੀ ਅਤੇ ਉਨ੍ਹਾਂ ਦੀ ਟੀਮ ਨੂੰ ਪਸੰਦ ਨਹੀਂ ਆਉਂਦਾ ਹੈ।
ਉਨ੍ਹਾਂ ਕਿਹਾ ਕਿ ਦਿੱਲੀ ’ਚ ਸਾਬਕਾ ਸਿਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਸਿੱਖਿਆ ਦੇ ਖੇਤਰ ’ਚ ਵਧੀਆ ਕੰਮ ਕੀਤਾ ਸੀ, ਜਿਸ ਦੀ ਪੂਰੀ ਦੁਨੀਆ ’ਚ ਸ਼ਲਾਘਾ ਹੋਈ ਸੀ ਪਰ ਇਹ ਮੋਦੀ ਨੂੰ ਪਸੰਦ ਨਹੀਂ ਆਇਆ ਅਤੇ ਉਨ੍ਹਾਂ ਨੇ ਸਿਸੋਦੀਆ ਨੂੰ ਗ੍ਰਿਫ਼ਤਾਰ ਕਰਵਾ ਕੇ ਜੇਲ ਭੇਜ ਦਿੱਤਾ।
ਭਗਵੰਤ ਮਾਨ ਨੇ ਕਿਹਾ ਕਿ ਦੇਸ਼ ’ਚ ਸਿਰਫ਼ ‘ਆਪ’ ਸਰਕਾਰਾਂ ਹੀ ਸਿੱਖਿਆ, ਸਿਹਤ ਅਤੇ ਹੋਰ ਸਾਰੇ ਖੇਤਰਾਂ ’ਚ ਵਧੀਆ ਕੰਮ ਕਰ ਰਹੀਆਂ ਹਨ, ਜਦਕਿ ਭਾਜਪਾ ਨੇ ਸਿਰਫ਼ ਵਾਅਦੇ ਕੀਤੇ ਹਨ ਅਤੇ ਉਨ੍ਹਾਂ ’ਚੋਂ ਇਕ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ। ਉਨ੍ਹਾਂ ਮੋਦੀ ’ਤੇ ਅਨਪੜ੍ਹ ਹੋਣ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਉਹ ਚੌਥੀ ਪਾਸ ਹੈ। ਉਨ੍ਹਾਂ ਮੋਦੀ ਸਰਕਾਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਉਹ ਅੱਧੀ ਰਾਤ ਨੂੰ ਫੈਸਲੇ ਲੈਂਦੇ ਹਨ, ਜਿਨ੍ਹਾਂ ’ਚ ਨੋਟਬੰਦੀ ਦਾ ਫੈਸਾਲ ਵੀ ਸ਼ਾਮਲ ਸੀ। ਇਸੇ ਤਰ੍ਹਾਂ ਪਹਿਲਾਂ 2000 ਦੇ ਨੋਟ ਨੂੰ ਸ਼ੁਰੂ ਕੀਤਾ ਗਿਆ ਬਾਅਦ ’ਚ ਆਪਣੀ ਹੀ ਸਰਕਾਰ ਦੇ ਫ਼ੈਸਲੇ ਨੂੰ ਵਾਪਸ ਲੈ ਲਿਆ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਦਿੱਲੀ ’ਚ ਕੇਜਰੀਵਾਲ ਸਰਕਾਰ ਨੇ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ। ਹੁਣ ਪੰਜਾਬ ’ਚ ਪਿਛਲੇ ਇਕ ਸਾਲ ਤੋਂ ਲੋਕਾਂ ਨੂੰ ‘ਆਪ’ ਸਰਕਾਰ ਮੁਫਤ ਬਿਜਲੀ ਦੇ ਰਹੀ ਹੈ। 90 ਫ਼ੀਸਦੀ ਲੋਕਾਂ ਦੇ ਘਰਾਂ ਦੇ ਬਿਜਲੀ ਬਿਲ ਜ਼ੀਰੋ ਆ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ‘ਆਪ’ ਨੂੰ ਵੋਟ ਪਾ ਕੇ ਸਰਕਾਰ ਬਣਾਈ ਹੈ ਅਤੇ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਕਰਨ ’ਤੇ ਕੋਈ ਬੁਰਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸਰਕਾਰ ਨੇ 10 ਦਿਨ ਪਹਿਲਾਂ ਹੀ 12710 ਅਧਿਆਪਕਾਂ ਨੂੰ ਪੱਕਾ ਕਰ ਦਿੱਤਾ ਸੀ। ਇਸੇ ਤਰ੍ਹਾਂ ਇਨ੍ਹਾਂ ਅਧਿਆਪਕਾਂ ਦੀ ਤਨਖਾਹ ਵੀ 3 ਗੁਣਾ ਵਧ ਗਈ ਹੈ।

350 ਤੋਂ ਵੱਧ ਭ੍ਰਿਸ਼ਟ ਨੇਤਾਵਾਂ ਅਤੇ ਅਧਿਕਾਰੀਆਂ ’ਤੇ ਕਾਰਵਾਈ ਕੀਤੀ
ਪੰਜਾਬ ਦੇ ਮੁੱਖ ਮਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੀ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ’ਚ ਸਰਕਾਰ ਬਣਾਉਣ ਤੋਂ ਬਾਅਦ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਸੀ ਅਤੇ ਉਸ ਨੰਬਰ ’ਤੇ ਮਿਲੀਆਂ ਸ਼ਿਕਾਇਤਾਂ ਦੇ ਆਧਾਰ ’ਤੇ ‘ਆਪ’ ਸਰਾਕਰ ਨੇ 350 ਤੋਂ ਵੱਧ ਭ੍ਰਿਸ਼ਟ ਨੇਤਾਵਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ’ਤੇ ਕਾਰਵਾਈ ਕੀਤੀ ਹੈ।

Leave a Reply

Your email address will not be published. Required fields are marked *