ਨਸ਼ਾ ਵਿਰੋਧੀ ਮੁਹਿੰਮ ਦੇ “ਪਿੰਡਾਂ ਨੂੰ ਜਗਾਓ, ਪਿੰਡਾਂ ਨੂੰ ਹਿਲਾ ਦਿਓ” ਪੜਾਅ ਦੇ ਸਿਖ਼ਰ ‘ਤੇ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ 8 ਮੰਤਰੀਆਂ ਅਤੇ 34 ਵਿਧਾਇਕਾਂ ਦੇ ਘਰਾਂ ਜਾਂ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ

ਚੰਡੀਗੜ੍ਹ 10 ਅਕਤੂਬਰ–ਘਰ ਘਰ ਨੌਜਵਾਨਾਂ ਦੇ ਸੱਥਰ ਵਿਛਾ ਰਹੇ ਚਿੱਟੇ ਵਰਗੇ ਸਿੰਥੈਟਿਕ ਨਸ਼ਿਆਂ ਵਿਰੁੱਧ ਸਾਰੇ ਕਿਰਤੀ ਵਰਗਾਂ ਦੀ ਸਾਂਝੀ ਲੋਕ ਲਹਿਰ ਉਸਾਰਨ ਵੱਲ ਸੇਧਤ ਨਸ਼ਾ ਵਿਰੋਧੀ ਮੁਹਿੰਮ ਦੇ “ਪਿੰਡਾਂ ਨੂੰ ਜਗਾਓ ਪਿੰਡਾਂ ਨੂੰ ਹਿਲਾ ਦਿਓ” ਪੜਾਅ ਦੇ ਸਿਖ਼ਰ ‘ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਜਾਂ ਦਫ਼ਤਰਾਂ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤੇ ਗਏ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇੱਥੇ ਪ੍ਰੈਸ ਲਈ ਜਾਰੀ ਕੀਤੀ ਗਈ ਪੰਜਾਬ ਭਰ ਦੀ ਰਿਪੋਰਟ ਅਨੁਸਾਰ 17 ਜ਼ਿਲ੍ਹਿਆਂ ਵਿੱਚ 8 ਮੰਤਰੀਆਂ ਅਤੇ 34 ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨਾਂ ਵਿੱਚ 2000 ਦੇ ਲਗਭਗ ਪਿੰਡਾਂ ਤੋਂ ਵੱਡੀ ਗਿਣਤੀ ਔਰਤਾਂ, ਨੌਜਵਾਨਾਂ ਤੇ ਹੋਰ ਕਿਰਤੀ ਲੋਕਾਂ ਸਮੇਤ ਕੁੱਲ ਮਿਲਾ ਕੇ ਦਹਿ-ਹਜ਼ਾਰਾਂ ਲੋਕ ਇਨ੍ਹਾਂ ਇਕੱਠਾਂ ਵਿੱਚ ਸ਼ਾਮਲ ਹੋਏ। ਨਸ਼ਿਆਂ ਦੀ ਭੇਟ ਚੜ੍ਹ ਚੁੱਕੇ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਆਪਣੇ ਦਿਲ ਦੇ ਟੁਕੜਿਆਂ ਦੀਆਂ ਫੋਟੋਆਂ ਵੀ ਚੁੱਕੀਆਂ ਹੋਈਆਂ ਸਨ। ਇਨ੍ਹਾਂ ਮੰਤਰੀਆਂ ਤੇ ਵਿਧਾਇਕਾਂ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਵੀ ਸੌਂਪੇ ਗਏ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਮਹਾਂਮਾਰੀ ਵਿਰੁੱਧ ਨਾਹਰਿਆਂ ਦੇ ਗਰਜਵੇਂ ਜੁਆਬ ਦੇਣ ਸਮੇਂ ਲੋਕਾਂ ਦੇ ਚਿਹਰਿਆਂ ਤੋਂ ਨਸ਼ਾ-ਉਤਪਾਦਕ ਸਾਮਰਾਜੀ ਕੰਪਨੀਆਂ, ਵੱਡੇ ਸਮਗਲਰਾਂ, ਉੱਘੇ ਸਿਆਸਤਦਾਨਾਂ ਅਤੇ ਪੁਲਸੀ/ਪ੍ਰਸ਼ਾਸਨਿਕ ਉੱਚ ਅਧਿਕਾਰੀਆਂ ਦੀ ਚੰਡਾਲ ਚੌਕੜੀ ਸਮੇਤ ਪੰਜਾਬ ਸਰਕਾਰ ਖ਼ਿਲਾਫ਼ ਅੰਤਾਂ ਦਾ ਰੋਹ ਝਲਕ ਰਿਹਾ ਸੀ। ਆਪਣੇ ਸੰਬੋਧਨ ਦੌਰਾਨ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਨਸ਼ਿਆਂ ਦੇ ਵਪਾਰ ਵਿੱਚੋਂ ਅੰਨ੍ਹੇ ਮੁਨਾਫੇ ਅਤੇ ਨੌਜਵਾਨਾਂ ਦੀ ਮੱਤ ਮਾਰਨ ਦੇ ਦੂਹਰੇ ਲਾਹੇ ਖੱਟਣ ਵਾਲੀ ਉਪਰੋਕਤ ਚੰਡਾਲ ਚੌਕੜੀ ਨੂੰ ਨਸ਼ਿਆਂ ਦੀ ਮਹਾਂਮਾਰੀ ਦੇ ਮੁੱਖ ਦੋਸ਼ੀ ਗਰਦਾਨਿਆ ਅਤੇ ਨਸ਼ਾ ਵਿਰੋਧੀ ਮੁਹਿੰਮ ਦਾ ਚੋਟ ਨਿਸ਼ਾਨਾ ਬਣਾਉਣ ਦਾ ਐਲਾਨ ਕੀਤਾ। ਨਸ਼ਿਆਂ ਦੀ ਮਹਾਂਮਾਰੀ ਦਾ ਨਸ਼ੇੜੀਆਂ ਦੇ ਪਰਵਾਰਾਂ ਨੂੰ ਤਾਂ ਆਰਥਿਕ ਉਜਾੜੇ ਅਤੇ ਪੁੱਤਾਂ ਧੀਆਂ ਦੇ ਸਦੀਵੀ ਵਿਛੋੜੇ ਦਾ ਸੰਤਾਪ ਭੋਗਣਾ ਹੀ ਪੈ ਰਿਹਾ ਹੈ।।ਇਸ ਤੋਂ ਵੀ ਅੱਗੇ ਨਸ਼ਿਆਂ ਦੀ ਤੋੜ ਦੇ ਝੰਬੇ ਨਸ਼ੇੜੀ ਨੌਜਵਾਨ ਲੁੱਟਾਂ ਖੋਹਾਂ ਅਤੇ ਕਤਲਾਂ ਦੇ ਧੰਦੇ ‘ਚ ਗਰਕ ਚੁਕੇ ਗੁੰਡਾ ਗ੍ਰੋਹਾਂ ਦੇ ਢਹੇ ਵੀ ਚੜ੍ਹ ਰਹੇ ਹਨ। ਵੱਖ ਵੱਖ ਥਾਈਂ ਸੰਬੋਧਨ ਕਰਨ ਵਾਲੇ ਸਮੂਹ ਬੁਲਾਰਿਆਂ ਨੇ ਇੱਕਸੁਰ ਹੋ ਕੇ ਮੰਗ ਕੀਤੀ ਕਿ ਪੰਜਾਬ ਸਰਕਾਰ ਚਿੱਟੇ ਦੀ ਪੈਦਾਵਾਰ, ਵਪਾਰ ਅਤੇ ਘਰ-ਘਰ ਵੰਡ-ਵੰਡਾਈ ਨੂੰ ਅਣ-ਐਲਾਨੀ ਪ੍ਰਵਾਨਗੀ ਦੇਣ ਅਤੇ ਸੁਰੱਖਿਅਤ ਰੱਖਣ ਵਾਲੀ ਨੀਤੀ ਦਾ ਤਿਆਗ ਕਰੇ। ਸਰਕਾਰ ਵੱਲੋਂ ਵੱਡੇ ਪੱਧਰ ’ਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਤੁਰੰਤ ਹੱਥ ਲਿਆ ਜਾਵੇ। ਚਿੱਟੇ ਦੇ ਵਪਾਰ ਵਿਚ ਸ਼ਾਮਲ ਅਡਾਨੀ ਵਰਗੇ ਦੇਸੀ-ਬਦੇਸ਼ੀ ਕਾਰਪੋਰੇਟ ਘਰਾਣਿਆਂ, ਉੱਚ ਅਫਸਰਸ਼ਾਹੀ, ਉੱਘੇ ਸਿਆਸਤਦਾਨਾਂ ਅਤੇ ਵੱਡੇ ਸਮਗਲਰਾਂ ਨੂੰ ਟਿੱਕਿਆ ਜਾਵੇ, ਨਸ਼ਰ ਕੀਤਾ ਜਾਵੇ ਅਤੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਪਿਛਲੇ ਸਾਲਾਂ ਦੀਆਂ ਪੁੱਛ-ਪੜਤਾਲਾਂ ਦੌਰਾਨ ਨਸ਼ਰ ਹੋਈਆਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚਲੀਆਂ ਨਸ਼ਾ ਫੈਕਟਰੀਆਂ ਦੇ ਕੇਸਾਂ ਦੀ ਪੈਰਵੀ ਕਰਕੇ ਮਾਲਕਾਂ ਨੂੰ ਯੋਗ ਸਜ਼ਾਵਾਂ ਦਿੱਤੀਆਂ ਜਾਣ। ਹੋਰ ਨਸ਼ਾ ਫੈਕਟਰੀਆਂ ਦੇ ਮਾਲਕਾਂ ਅਤੇ ਉਹਨਾਂ ਦੀ ਵੰਡ-ਵੰਡਾਈ ਕਰਨ ਵਾਲੇ ਢਾਂਚੇ ਖਿਲਾਫ ਕਾਨੂੰਨੀ ਕਾਰਵਾਈ ਕਰਕੇ ਇਸਨੂੰ ਤਬਾਹ ਕੀਤਾ ਜਾਵੇ। ਚਿੱਟੇ ਵਰਗੇ ਸਿੰਥੈਟਿਕ ਨਸ਼ਿਆਂ ਦੀ ਪੈਦਾਵਾਰ ਤੇ ਵਪਾਰ ਕਰਨ ਵਾਲੇ ਪ੍ਰਮੁੱਖ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਲਈ ਨਵਾਂ ਕਾਨੂੰਨ ਪਾਸ ਕਰਕੇ ਇਸਨੂੰ ਲਾਗੂ ਕੀਤਾ ਜਾਵੇ। ਸਰਕਾਰ ਵੱਲੋਂ ਨਸ਼ਾ-ਛੁਡਾਊ ਕੇਂਦਰਾਂ ਦਾ ਢੁੱਕਵਾਂ ਪ੍ਰਬੰਧ ਕਰਕੇ ਉੱਚ-ਪੱਧਰਾ ਮੈਡੀਕਲ ਇਲਾਜ ਅਤੇ ਮਨੋਵਿਗਿਆਨਕ ਇਲਾਜ ਕਰਨ ਵਾਲੇ ਮਾਹਰਾਂ ਦੀਆਂ ਸੇਵਾਵਾਂ ਹਰ ਇੱਕ ਕੇਂਦਰ ਵਿਚ ਮੁਹੱਈਆ ਕੀਤੀਆਂ ਜਾਣ। ਨਸ਼ਾ-ਪੀੜਤਾਂ ਅਤੇ ਛੋਟੇ-ਨਸ਼ਾ ਵੰਡਕਾਂ ਦੇ ਮੁੜ-ਵਸੇਬੇ ਲਈ ਢੁੱਕਵੇਂ ਨੀਤੀ ਕਦਮਾਂ ਨੂੰ ਤਹਿ ਕੀਤਾ ਜਾਵੇ ਅਤੇ ਅਮਲ ਵਿੱਚ ਲਿਆਂਦਾ ਜਾਵੇ। ਸ਼ਰਾਬ ਦੇ ਠੇਕਿਆਂ ਦਾ ਪਸਾਰ ਕਰਨ ਅਤੇ ਔਰਤਾਂ ਲਈ ਸ਼ਰਾਬ ਦੇ ਠੇਕੇ ਖੋਹਲਣ ਦੀ ਨੀਤੀ ਦਾ ਤਿਆਗ ਕੀਤਾ ਜਾਵੇ। ਪਿੰਡ ਦੀ ਅਤੇ ਸ਼ਹਿਰ ਦੀ ਆਬਾਦੀ ਦਾ ਮਤਾ ਪਾਸ ਹੋ ਜਾਣ ਵਾਲੀ ਥਾਂ ਤੋਂ ਸ਼ਰਾਬ ਦਾ ਠੇਕਾ ਖਤਮ ਕੀਤਾ ਜਾਵੇ। ਸੰਬੋਧਨ ਕਰਨ ਵਾਲੇ ਹੋਰ ਮੁੱਖ ਬੁਲਾਰਿਆਂ ਵਿੱਚ ਸੂਬਾ ਜਨਰਲ ਸਕੱਤਰ ਤੋਂ ਇਲਾਵਾ ਸੂਬਾ ਆਗੂ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਰੂਪ ਸਿੰਘ ਛੰਨਾਂ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ ਅਤੇ ਔਰਤ ਆਗੂ ਹਰਿੰਦਰ ਕੌਰ ਬਿੰਦੂ, ਕੁਲਦੀਪ ਕੌਰ ਕੁੱਸਾ, ਕਮਲਜੀਤ ਕੌਰ ਬਰਨਾਲਾ, ਜਸਵੀਰ ਕੌਰ ਉਗਰਾਹਾਂ, ਮਨਦੀਪ ਕੌਰ ਬਾਰਨ,ਸਰੋਜ ਰਾਣੀ ਮਾਨਸਾ, ਗੁਰਮੇਲ ਕੌਰ ਦੁਲਮਾਂ, ਹਰਿੰਦਰ ਕੌਰ ਮੱਦੂਛਾਂਗਾ, ਦਵਿੰਦਰ ਕੌਰ ਗੁਰਦਾਸਪੁਰ ਸਮੇਤ ਸਮੂਹ ਜ਼ਿਲ੍ਹਾ/ਬਲਾਕ ਪੱਧਰੇ ਆਗੂ ਸ਼ਾਮਲ ਸਨ।

Leave a Reply

Your email address will not be published. Required fields are marked *