ਲੁਧਿਆਣਾ: ‘ਮੈਂ ਪੰਜਾਬ ਬੋਲਦਾ…’ ਦਾ ਸਿਆਸੀ ਰਣ ਤਿਆਰ ਹੋ ਗਿਆ ਹੈ। ਪੰਜਾਬ ਐਗਰੀਕਲਚਰ ਯੂਨੀਵਰਸਿਟੀ (ਪੀਏਯੂ) ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿਚ ਬੁੱਧਵਾਰ ਨੂੰ ਪੰਜਾਬ ਦਿਵਸ ਦੇ ਮੌਕੇ ’ਤੇ ਐੱਸਵਾਈਐੱਲ ਸਮੇਤ ਸੂਬੇ ਦੇ 19 ਅਹਿਮ ਮੁੱਦਿਆਂ ’ਤੇ ਬਹਿਸ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀਆਂ ਨਾਲ ਬਹਿਸ ਕਰਨ ਲਈ ਤਿਆਰ ਹਨ ਪਰ ਵਿਰੋਧੀ ਪਾਰਟੀਆਂ ਨੇ ਹੁਣ ਤੱਕ ਆਪਣੇ ਪੱਤੇ ਨਹੀਂ ਖੋਲ੍ਹੇ ਹਨ। ਭਾਜਪਾ ਪ੍ਰਧਾਨ ਸੁਨੀਲ ਜਾਖੜ ਤੋਂ ਲੈ ਕੇ ਕਾਂਗਰਸ ਤੇ ਵਿਰੋਧੀ ਪਾਰਟੀ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਰਹੱਸ ਕਾਇਮ ਰੱਖਿਆ ਹੋਇਆ ਹੈ ਕਿ ਉਹ ਜਾਣਗੇ ਕਿ ਨਹੀਂ। ਸਾਰਿਆਂ ਦਾ ਮੰਨਣਾ ਹੈ ਕਿ ਸਰਕਾਰ ਵੱਲੋਂ ਜਿਹੋ-ਜਿਹਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ ਉਸ ਦਾ ਟੀਚਾ ਬਹਿਸ ਕਰ ਕੇ ਮੁੱਦਿਆਂ ਨੂੰ ਹੱਲ ਕਰਨ ਦਾ ਨਹੀਂ, ਬਲਕਿ ਵਿਰੋਧੀਆਂ ਨੂੰ ਨੀਵਾਂ ਦਿਖਾਉਣਾ ਹੈ।