ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੇਪਾਲ ‘ਚ ਭੂਚਾਲ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ‘ਤੇ ਸ਼ਨੀਵਾਰ ਨੂੰ ਦੁੱਖ ਜ਼ਾਹਰ ਕੀਤਾ ਅਤੇ ਕਿਹਾ ਕਿ ਭਾਰਤ ਆਪਣੇ ਗੁਆਂਢੀ ਦੇਸ਼ ਨਾਲ ਇਕਜੁਟਤਾ ਨਾਲ ਖੜ੍ਹਾ ਹੈ ਅਤੇ ਉਸ ਨੂੰ ਹਰ ਸੰਭਵ ਮਦਦ ਮੁਹੱਈਆ ਕਰਾਉਣ ਲਈ ਤਿਆਰ ਹੈ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ‘ਤੇ ਲਿਖਿਆ ਕਿ ਨੇਪਾਲ ਵਿਚ ਭੂਚਾਲ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ਨੂੰ ਲੈ ਕੇ ਬਹੁਤ ਦੁਖੀ ਹਾਂ।
ਭਾਰਤ, ਨੇਪਾਲ ਦੇ ਲੋਕਾਂ ਨਾਲ ਇਕਜੁਟਤਾ ਨਾਲ ਖੜ੍ਹਾ ਹੈ ਅਤੇ ਹਰ ਸੰਭਵ ਮਦਦ ਮੁਹੱਈਆ ਕਰਾਉਣ ਲਈ ਤਿਆਰ ਹੈ। ਅਸੀਂ ਦੁਖੀ ਪਰਿਵਾਰਾਂ ਪ੍ਰਤੀ ਹਮਦਰਦੀ ਜ਼ਾਹਰ ਕਰਦੇ ਹਾਂ ਅਤੇ ਜ਼ਖ਼ਮੀਆਂ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕਰਦੇ ਹਾਂ।
ਦੱਸ ਦੇਈਏ ਕਿ ਪੱਛਮੀ ਨੇਪਾਲ ਦੇ ਦੂਰ-ਦੁਰਾਡੇ ਪਹਾੜੀ ਖੇਤਰ ‘ਚ ਸ਼ੁੱਕਰਵਾਰ ਅੱਧੀ ਰਾਤ ਨੂੰ ਆਏ 6.4 ਤੀਬਰਤਾ ਵਾਲੇ ਭੂਚਾਲ ਦੇ ਤੇਜ਼ ਝਟਕਿਆਂ ਕਾਰਨ 128 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਲੋਕ ਜ਼ਖ਼ਮੀ ਹੋ ਗਏ। ਰਾਸ਼ਟਰੀ ਭੂਚਾਲ ਨਿਗਰਾਨੀ ਅਤੇ ਖੋਜ ਕੇਂਦਰ ਮੁਤਾਬਕ ਭੂਚਾਲ ਸ਼ੁੱਕਰਵਾਰ ਰਾਤ 11 ਵਜ ਕੇ 47 ਮਿੰਟ ‘ਤੇ ਆਇਆ ਅਤੇ ਇਸ ਦਾ ਕੇਂਦਰ ਜਾਜਰਕੋਟ ਜ਼ਿਲ੍ਹੇ ਵਿਚ ਸੀ।