ਜਥੇਦਾਰ ਨੇ ਭਾਈ ਰਾਜੋਆਣਾ ਦੀ ਰਿਹਾਈ ਲਈ ਯਤਨ ਤੇਜ਼ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਕੀਤਾ ਆਦੇਸ਼

ਅੰਮ੍ਰਿਤਸਰ, 9 ਨਵੰਬਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਸਾਲ 2012 ਵਿਚ ਸ਼੍ਰੋਮਣੀ ਕਮੇਟੀ ਨੂੰ ਪੰਜ ਸਿੰਘ ਸਾਹਿਬਾਨ ਵਲੋਂ ਆਦੇਸ਼ ਕੀਤਾ ਗਿਆ ਸੀ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਹਰ ਸੰਭਵ ਯਤਨ ਕੀਤੇ ਜਾਣ। ਉਨ੍ਹਾਂ ਪੰਜ ਸਿੰਘ ਸਾਹਿਬਾਨ ਵਲੋਂ ਹੋਏ ਉਕਤ ਆਦੇਸ਼ ਨੂੰ ਲਾਗੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਉਹ ਸਿੱਖ ਸੰਗਤ, ਦਲ ਪੰਥ, ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ, ਸਿੱਖ ਜਥੇਬੰਦੀਆਂ, ਸਿੰਘ ਸਭਾਵਾਂ, ਟਕਸਾਲਾਂ, ਸੰਤਾਂ-ਮਹਾਪੁਰਸ਼ਾਂ, ਵਿਦਵਾਨਾਂ, ਬੁੱਧੀਜੀਵੀਆਂ ਅਤੇ ਸਮੁੱਚੇ ਸਿੱਖ ਪੰਥ ਨੂੰ ਨਾਲ ਲੈ ਕੇ ਵੱਡੀ ਰਣਨੀਤੀ ਉਲੀਕੇ, ਜਿਸ ਨਾਲ ਭਾਈ ਰਾਜੋਆਣਾ ਦੀ ਰਿਹਾਈ ਅਤੇ ਪਿਛਲੇ ਸੰਘਰਸ਼ ਦੌਰਾਨ ਜੇਲ੍ਹਾਂ ਵਿਚ ਬੰਦ ਲੰਮੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੌਮੀ ਯੋਧਿਆਂ ਨੂੰ ਤੁਰੰਤ ਰਿਹਾਅ ਕਰਵਾਇਆ ਜਾ ਸਕੇ। ਜਥੇਦਾਰ ਨੇ ਕਿਹਾ ਕਿ ਚੁਣੀ ਹੋਈ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਭਾਈ ਰਾਜੋਆਣਾ ਦੀ ਰਿਹਾਈ ਦੇ ਮਾਮਲੇ ’ਤੇ ਦਸਖ਼ਤੀ ਮੁਹਿੰਮ ਦੌਰਾਨ ਸੰਗਤਾਂ ਵਲੋਂ ਲੱਖਾਂ ਦੀ ਗਿਣਤੀ ਵਿਚ ਭਰੇ ਗਏ ਫ਼ਾਰਮਾਂ ਨੂੰ ਲੈਣ ਲਈ ਪੰਜਾਬ ਦੇ ਗਵਰਨਰ ਵਲੋਂ ਮਿਲਣ ਦਾ ਸਮਾਂ ਨਾ ਦੇਣਾ ਬਹੁਤ ਹੀ ਮੰਦਭਾਗਾ ਅਤੇ ਦੇਸ਼ ਦੇ ਸੰਵਿਧਾਨ ਦੀ ਵੀ ਉਲੰਘਣਾ ਹੈ।

Leave a Reply

Your email address will not be published. Required fields are marked *