ਲੁਧਿਆਣਾ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕੰਮਲ ਤੌਰ ’ਤੇ ਮੁਕਤ ਕਰਨ ਲਈ ਸਮੂਹ ਪੰਜਾਬੀਆਂ ਨੂੰ ਪੰਜਾਬ ਵਿਰੋਧੀ ਤਾਕਤਾਂ ਦੀ ਸ਼ਹਿ ਪ੍ਰਾਪਤ ਨਸ਼ਾ-ਅੱਤਵਾਦ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਸੰਕਲਪ ਲੈਣ ਦਾ ਸੱਦਾ ਦਿੱਤਾ।
ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਉਨ੍ਹਾਂ ਦੀ ਯਾਦ ਵਿੱਚ ਅੱਜ ਪੰਜਾਬ ਪੁਲਸ ਵੱਲੋਂ ਕਰਵਾਈ ਵਿਸ਼ਾਲ ਨਸ਼ਾ ਵਿਰੋਧੀ ਸਾਈਕਲ ਰੈਲੀ ਨੂੰ ਝੰਡੀ ਵਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਆਪਣੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਉਤੇ ਮੁੱਢ ਤੋਂ ਧਾੜਵੀ ਹਮਲੇ ਕਰਦੇ ਰਹੇ ਹਨ ਪਰ ਪੰਜਾਬੀਆਂ ਨੇ ਹਮੇਸ਼ਾ ਹੀ ਇਨ੍ਹਾਂ ਹਮਲਿਆਂ ਦਾ ਬਹਾਦਰੀ ਨਾਲ ਮੁਕਾਬਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹੁਣ ਨਸ਼ਾ-ਅੱਤਵਾਦ ਦੇ ਖ਼ਿਲਾਫ਼ ਜੰਗ ਲੜਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ੇ ਫੈਲਾਉਣ ਲਈ ਪੰਜਾਬ ਵਿਰੋਧੀ ਤਾਕਤਾਂ ਫੰਡ ਦੇ ਰਹੀਆਂ ਹਨ ਜੋ ਸੂਬੇ ਨੂੰ ਪਟੜੀ ਤੋਂ ਲਾਹੁਣਾ ਚਾਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਨਸ਼ਿਆਂ ਤੋਂ ਮੁਕਤ ਹੋਵੇਗਾ ਜਿਸ ਲਈ ਹਰੇਕ ਪੰਜਾਬੀ ਨੂੰ ਤਹੱਈਆ ਕਰਨਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਦੁਸ਼ਮਣ ਤਾਕਤਾਂ ਨਸ਼ੇੜੀਆਂ ਵਜੋਂ ਪੰਜਾਬੀਆਂ ਦਾ ਕੂੜ ਪ੍ਰਚਾਰ ਕਰਨ ਲਈ ਪੱਬਾਂ ਭਾਰ ਹਨ ਤਾਂ ਕਿ ਦੇਸ਼ ਸਾਹਮਣੇ ਸੂਬੇ ਦੀ ਗ਼ਲਤ ਤਸਵੀਰ ਪੇਸ਼ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਦੀਆਂ ਤੋਂ ਪੰਜਾਬ ਦੇਸ਼ ਦੀ ਖੜਗਭੁਜਾ ਰਿਹਾ ਹੈ ਅਤੇ ਇਸ ਨੂੰ ਦੇਸ਼ ਦਾ ਰਿਜ਼ਕ ਦੇਣ ਵਾਲਾ ਸੂਬਾ ਕਿਹਾ ਜਾਂਦਾ ਹੈ ਪਰ ਪੰਜਾਬੀਆਂ ਦੇ ਇਸ ਮਹਾਨ ਯੋਗਦਾਨ ਨੂੰ ਦਰਕਿਨਾਰ ਕਰਕੇ ਕੁਝ ਸਿਆਸੀ ਪਾਰਟੀਆਂ ਸੱਚੇ ਸਪੂਤਾਂ ਨੂੰ ਨਸ਼ੇੜੀ ਗਰਦਾਨ ਕੇ ਘਟੀਆ ਪ੍ਰਾਪੇਗੰਡਾ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਪੰਜਾਬ ਨੇ ਨਸ਼ਿਆਂ ਦੇ ਖ਼ਿਲਾਫ਼ ਆਰ-ਪਾਰ ਦੀ ਲੜਾਈ ਵਿੱਢ ਦਿੱਤੀ ਹੈ ਜਿਸ ਦੀ ਸ਼ੁਰੂਆਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਤੋਂ ਅਰਦਾਸ ਕਰਕੇ ਕੀਤੀ ਗਈ ਸੀ।