ਅੰਮ੍ਰਿਤਸਰ : ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ ਵਿਖੇ ਵਾਪਰੀ ਘਟਨਾ ਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਪਾਸੋਂ ਜਾਂਚ ਰਿਪੋਰਟ ਲੈਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਵਿਚ ਪੁਲਿਸ ਦੀ ਭੂਮਿਕਾ ਠੀਕ ਨਹੀਂ ਸੀ। ਪ੍ਰਸ਼ਾਸਨ ਨੂੰ ਚਾਹੀਦਾ ਸੀ ਕਿ ਉਹ ਦੋਹਾਂ ਧਿਰਾਂ ਨੂੰ ਬਿਠਾ ਕੇ ਮਸਲਾ ਹੱਲ ਕਰਦੀ, ਪਰੰਤੂ ਪੁਲਿਸ ਵੱਲੋਂ ਜਿਸ ਤਰੀਕੇ ਨਾਲ ਗੁਰਦੁਆਰਾ ਸਾਹਿਬ ਦੀ ਮਾਣ ਮਰਿਆਦਾ ਨੂੰ ਅੱਖੋਂ ਪਰੋਖੇ ਕਰਕੇ ਦਖ਼ਲ ਦਿੱਤਾ ਗਿਆ, ਉਸ ਨਾਲ ਪੰਜਾਬ ਸਰਕਾਰ ਦੀ ਕਾਰਜਸ਼ੈਲੀ ਸਵਾਲਾਂ ਦੇ ਘੇਰੇ ਵਿਚ ਆਈ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਪੱਧਰ ’ਤੇ ਫੇਲ੍ਹ ਹੋ ਰਹੀ ਹੈ ਅਤੇ ਖ਼ਾਸਕਰ ਕਾਨੂੰਨ ਵਿਵਸਥਾ ਨੂੰ ਸੰਭਾਲਣ ਵਿਚ ਬਿਲਕੁਲ ਸੰਜੀਦਗੀ ਨਹੀਂ ਦਿਖਾ ਰਹੀ। ਗੁਰਦੁਆਰਾ ਸਾਹਿਬਾਨ ਦੇ ਮਾਮਲੇ ਸਿੱਧੇ ਤੌਰ ’ਤੇ ਸੰਗਤ ਦੀਆਂ ਭਾਵਨਾਵਾਂ ਨਾਲ ਜੁੜੇ ਹੋਏ ਹੁੰਦੇ ਹਨ ਪਰੰਤੂ ਪੰਜਾਬ ਸਰਕਾਰ ਇਸ ਨੂੰ ਆਮ ਲੈ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਗ੍ਰਹਿ ਮੰਤਰੀ ਹੁੰਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਗੁਰਦੁਆਰਾ ਸਾਹਿਬ ਵਿਚ ਦਖ਼ਲ ਅਤੇ ਮਰਿਆਦਾ ਦੀ ਉਲੰਘਣਾ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। ਸੁਲਤਾਨਪੁਰ ਲੋਧੀ ਦੀ ਪੁਲਿਸ ਕਾਰਵਾਈ ਨਾਲ ਸਿੱਖਾਂ ਦਾ ਅਕਸ ਵੀ ਦੁਨੀਆਂ ਭਰ ਵਿਚ ਖਰਾਬ ਹੋਇਆ ਹੈ, ਜਿਸ ਲਈ ਮੁੱਖ ਮੰਤਰੀ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਭੈਅਭੀਤ ਨਾ ਹੋਣ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸਾਹਿਬਾਨ ਅੰਦਰ ਹੋਣ ਵਾਲੇ ਸਮਾਗਮਾਂ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ।