ਚੰਡੀਗੜ੍ਹ,12 ਦਸੰਬਰ -ਬਹੁਕੀਮਤੀ ਸਰਕਾਰੀ ਜ਼ਮੀਨ ਤੇ ਨਾਜਾਇਜ਼ ਕਬਜ਼ੇ ਸਬੰਧੀ ਮੁੱਖ ਮੰਤਰੀ ਵਲੋਂ ਪ੍ਰਵਾਨਗੀ ਮਿਲਣ ਤੋਂ ਬਾਅਦ ਪਰਸੋਨਲ ਵਿਭਾਗ ਦੇ ਵਿਸ਼ੇਸ਼ ਸਕੱਤਰ ਨੇ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਦੋ ਹਫ਼ਤਿਆਂ ਵਿਚ ਜੁਆਬ ਦੇਣ ਲਈ ਕਿਹਾ ਹੈ। ਸਰਕਾਰੀ ਜ਼ਮੀਨ ਤੇ ਨਾਜਾਇਜ਼ ਕਬਜ਼ੇ ਸਬੰਧੀ ਵਿਸਥਾਰਤ ਜਾਂਚ ਕਰਨ ਲਈ ਡਿਵੀਜ਼ਨਲ ਕਮਿਸ਼ਨਰ ਜਲੰਧਰ ਨੂੰ ਕਿਹਾ ਹੈ। ਉਨ੍ਹਾਂ ਨੂੰ 15 ਦਿਨਾਂ ਵਿੱਚ ਰਿਪੋਰਟ ਦੇਣ ਲਈ ਆਖਿਆ ਗਿਆ ਹੈ।
ਇਸ ਤੋਂ ਪਹਿਲਾਂ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਹੁਕਮਾਂ ਤੇ ਜਲੰਧਰ ਦੀ ਡਿਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਸਪਰਾ ਨੇ ਜਾਂਚ ਕੀਤੀ ਸੀ ਜਿਸ ਵਿੱਚ ਸਾਬਤ ਹੋ ਗਿਆ ਸੀ ਕਿ ਡਿਪਟੀ ਕਮਿਸ਼ਨਰ ਦੀ ਸਰਕਾਰੀ ਰਿਹਾਇਸ਼ ਦੀ ਕੰਧ ਤੋੜ ਕੇ 13 ਮਰਲੇ ਜ਼ਮੀਨ ਤੇ ਨਾਜਾਇਜ਼ ਕਬਜ਼ਾ ਕੀਤਾ ਗਿਆ।ਇਹ ਜ਼ਮੀਨ ਜਲ ਸਰੋਤ ਵਿਭਾਗ ਦੀ ਹੈ। ਇਸ ਤੋਂ ਪਹਿਲਾਂ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਜਾਂਚ ਕਰਕੇ ਆਪਣੀ ਰਿਪੋਰਟ ਮੁੱਖ ਸਕੱਤਰ ਨੂੰ ਦਿੱਤੀ ਸੀ ਜਿਸ ਵਿੱਚ ਡੀਸੀ ਦੀ ਰਿਹਾਇਸ਼ ਦੀ ਕੰਧ ਢਾਹ ਕੇ ਸਰਕਾਰੀ ਜ਼ਮੀਨ ਤੇ ਕਬਜ਼ੇ ਸਬੰਧੀ ਜਾਣਕਾਰੀ ਦਿੱਤੀ ਗਈ ਸੀ। ਇਸ ਜ਼ਮੀਨ ਤੇ ਡੀਸੀ ਦੀ ਮਿਲੀ ਭੁਗਤ ਨਾਲ ਕਿਸੇ ਧਨਾਢ ਦਾ ਕਬਜ਼ਾ ਕਰਵਾਇਆ ਗਿਆ। ਕਬਜ਼ੇ ਵਾਲੀ ਜ਼ਮੀਨ ਦੀ ਕੀਮਤ ਮਾਰਕੀਟ ਰੇਟ ਅਨੁਸਾਰ ਸਾਢੇ ਪੰਜ ਕਰੋੜ ਰੁਪਏ ਬਣਦੀ ਹੈ।
ਪਠਾਨਕੋਟ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਉਹ ਕਾਰਨ ਦੱਸੋ ਨੋਟਿਸ ਦਾ ਜੁਆਬ ਦੇਣਗੇ।