ਸੁਖਬੀਰ ਬਾਦਲ ਨੇ ਬੇਅਦਬੀਆਂ ਲਈ ਮੁਆਫ਼ੀ ਮੰਗੀ,20ਦੇ ਰੋਸ ਮਾਰਚ ਵਿੱਚ ਸ਼ਾਮਲ ਹੋਣ ਦਾ ਸੱਦਾ

badal

ਅੰਮ੍ਰਿਤਸਰ 14 ਦਸੰਬਰ (ਨਵਾਂ ਪੰਜਾਬ ਬਿਊਰੋ )ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਾਦਲ ਸਰਕਾਰ ਵੇਲੇ 2015 ਵਿੱਚ ਬੇਅਦਬੀਆਂ ਦੀਆਂ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਅਸਫਲ ਰਹਿਣ ਅਤੇ ਜ਼ਿਆਦਤੀਆਂ ਲਈ ਸਿੱਖ ਪੰਥ ਕੋਲੋਂ ਮੁਆਫੀ ਮੰਗੀ ।
ਅੱਜ ਇੱਥੇ ਦਲ ਦੇ ਸਥਾਪਨਾ ਦਿਵਸ ਦੇ ਸਬੰਧ ਵਿੱਚ ਰੱਖੇ ਅਖੰਡ ਪਾਠ ਦੇ ਭੋਗ ਤੋਂ ਬਾਅਦ ਹਰਿਮੰਦਰ ਸਾਹਿਬ ਕੰਪਲੈਕਸ ਵਿਖੇ ਸੰਗਤ ਨੂੰ ਸੰਬੋਧਨ ਕਰਦਿਆਂ ਸੁਖਬੀਰਧ ਬਾਦਲ ਨੇ ਆਖਿਆ ਕਿ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਆਖਰੀ ਸਮੇਂ ਤੱਕ ਇਸ ਗੱਲ ਦਾ ਦੁੱਖ ਰਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਵੇਲੇ ਬੇਅਦਬੀ ਦੇ ਦੋਸ਼ੀਆਂ ਨੂੰ ਉਹ ਗ੍ਰਿਫਤਾਰ ਨਹੀਂ ਕਰ ਸਕੇ। ਉਨ੍ਹਾਂ ਖੁਲਾਸਾ ਕੀਤਾ ਕਿ ਉਸ ਵੇਲੇ ਦਬਾਅ ਕਾਰਨ ਅਕਾਲੀ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਦੇ ਦਿੱਤੀ ਗਈ ਸੀ। ਉਸ ਤੋਂ ਬਾਅਦ ਆਈਆਂ ਹੁਣ ਤੱਕ ਦੀਆਂ ਸਰਕਾਰਾਂ ਵੀ ਬੇਅਦਬੀ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਸਕੀਆਂ ਪਰ ਉਨ੍ਹਾਂ ਨੇ ਸਿਆਸਤ ਕੀਤੀ। ਇਸ ਲਈ ਸਮੁੱਚੇ ਪੰਥ ਕੋਲੋਂ ਮੁਆਫੀ ਮੰਗਦਿਆਂ ਉਨ੍ਹਾਂ ਵਾਅਦਾ ਕੀਤਾ ਕਿ ਜੇ ਮੁੜ ਮੌਕਾ ਮਿਲਿਆ ਤਾਂ ਅਕਾਲੀ ਦਲ ਇਸ ਘਟਨਾ ਦੇ ਦੋਸ਼ੀਆਂ ਨੂੰ ਨਾ ਸਿਰਫ ਗ੍ਰਿਫਤਾਰ ਕਰੇਗਾ ਸਗੋਂ ਇਸ ਮੁੱਦੇ ’ਤੇ ਸਿਆਸਤ ਕਰਨ ਵਾਲਿਆਂ ਨੂੰ ਵੀ ਬੇਨਕਾਬ ਕਰੇਗਾ।
ਕਿਸੇ ਦਾ ਨਾਂ ਲਏ ਬਿਨਾਂ ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਅਤੇ ਰੁੱਸੇ ਅਕਾਲੀ ਆਗੂਆਂ ਕੋਲੋਂ ਵੀ ਉਨ੍ਹਾਂ ਨੇ ਮੁਆਫੀ ਮੰਗੀ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਪੰਥ ਨੂੰ ਦਰਪੇਸ਼ ਚੁਣੌਤੀਆਂ ਦਾ ਇਕੱਠੇ ਹੋ ਕੇ ਸਾਹਮਣਾ ਕੀਤਾ ਜਾਵੇ। ਉਨ੍ਹਾਂ ਨੇ 20 ਦਸੰਬਰ ਨੂੰ ਦਿੱਲੀ ਵਿਖੇ ਬੰਦੀ ਸਿੱਖਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਰੋਸ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ । ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ , ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਅਤੇ ਦਲ ਅਤੇ ਸਿੱਖ ਲੀਡਰਸ਼ਿਪ ਹਾਜ਼ਰ ਸੀ। ਸੰਗਤ ਨੇ ਨਾਅਰਿਆਂ ਨਾਲ ਸੁਆਗਤ ਕੀਤਾ।

Leave a Reply

Your email address will not be published. Required fields are marked *