ਚੰਡੀਗੜ੍ਹ/ਜਲੰਧਰ 26 ਜਨਵਰੀ – ਸੰਯੁਕਤ ਕਿਸਾਨ ਮੋਰਚਾ ਦੇ ਦੇਸ਼ ਵਿਆਪੀ ਸੱਦੇ ਤਹਿਤ ਅੱਜ ਗਣਤੰਤਰ ਦਿਵਸ ਮੌਕੇ ਸੂਬੇ ਭਰ ਵਿੱਚ ਕਿਸਾਨ ਜਥੇਬੰਦੀਆਂ ਨੇ ਵੱਡੀ ਪੱਧਰ ਤੇ ਟਰੈਕਟਰ/ਵਾਹਨ ਮਾਰਚ ਕਰਕੇ 16 ਫਰਵਰੀ ਨੂੰ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਦੀ ਜ਼ੋਰਦਾਰ ਸ਼ੁਰੁਆਤ ਕਰ ਦਿੱਤੀ। ਅੱਜ ਦੇ ਮਾਰਚ ਦੌਰਾਨ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ-ਖੇਤ ਮਜ਼ਦੂਰਾਂ ਦੇ ਕਰਜ਼ੇ ਤੇ ਲੀਕ ਮਾਰਨ, ਸਾਰੀਆਂ ਫਸਲਾਂ ਦੀ ਸੀ2+50% ਫਾਰਮੂਲੇ ਨਾਲ ਐਮ ਐਸ ਪੀ ਤੇ ਖ੍ਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਉਣ, ਖੇਤੀ ਲਾਗਤ ਵਸਤਾਂ ਦੀਆਂ ਕੀਮਤਾਂ ਘਟਾਉਣ,ਪ੍ਰੀਪੇਡ ਮੀਟਰਾਂ ਦੀ ਨੀਤੀ ਨੂੰ ਵਾਪਸ ਲੈਣ,ਸਰਲ ਅਤੇ ਸਰਕਾਰੀ ਫਸਲ ਬੀਮਾ ਯੋਜਨਾ ਲਾਗੂ ਕਰਨ, ਕਿਸਾਨ ਪਰਿਵਾਰਾਂ ਲਈ ਦੱਸ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਸਕੀਮ ਲਾਗੂ ਕਰਨ, ਲਖੀਮਪੁਰ ਖੀਰੀ ਕਾਂਡ ਦੇ ਮੁੱਖ ਸਰਗਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਕੇਸ ਦਰਜ਼ ਕਰਕੇ ਗ੍ਰਿਫਤਾਰ ਕਰਨ ਅਤੇ ਚਾਰ ਲੇਬਰ ਕੋਡਾ ਨੂੰ ਰੱਦ ਕਰਨ ਦੇ ਨਾਲ ਨਾਲ ਬਿਜਲੀ, ਰੇਲਵੇ ਸਮੇਤ ਪਬਲਿਕ ਸੈਕਟਰ ਦੇ ਨਿਜੀਕਰਨ ਦੀਆਂ ਨੀਤੀਆਂ ਨੂੰ ਰੱਦ ਕਰਨ ਦੀਆਂ ਮੰਗਾਂ ਨੂੰ ਕੇਂਦਰ ਅਤੇ ਸੂਬਾ ਸਰਕਾਰ ਨੂੰ ਮੰਨਕੇ ਲਾਗੂ ਕਰਨ ਲਈ ਜੋਰਦਾਰ ਆਵਾਜ਼ ਬੁਲੰਦ ਕੀਤੀ।
ਵਰਨਣਯੋਗ ਹੈ ਕਿ ਅੱਜ ਦੇ ਟਰੈਕਟਰ/ਵਾਹਨ ਮਾਰਚ ਮੋਦੀ ਸਰਕਾਰ ਵਲੋਂ ਦਿੱਲੀ ਮੋਰਚੇ ਵੇਲੇ ਕਿਸਾਨਾਂ ਨਾਲ ਮੰਗਾਂ ਮੰਨਣ ਸਬੰਧੀ ਕੀਤੇ ਲਿਖਤੀ ਵਾਅਦੇ ਤੋਂ ਮੁੱਕਰ ਜਾਣ ਕਾਰਨ ਹੋਏ ਵਿਸ਼ਵਾਸਘਾਤ ਵਿਰੁੱਧ ਕੀਤੇ ਗਏ ਹਨ।ਸੂਬੇ ਦੀਆਂ ਟਰੇਡ ਯੂਨੀਅਨਾਂ ਦੇ ਨਾਲ ਨਾਲ ਜਨਤਕ ਜਥੇਬੰਦੀਆਂ ਨੇ ਵੀ ਇਨ੍ਹਾਂ ਨੂੰ ਭਰਪੂਰ ਸਮਰਥਨ ਦਿੱਤਾ। ਸੰਯੁਕਤ ਕਿਸਾਨ ਮੋਰਚਾ ਦੇ ਕੇਂਦਰ ਕੋਲ ਪੁੱਜੀਆਂ ਰਿਪੋਰਟਾਂ ਮੁਤਾਬਕ ਸੂਬੇ ਵਿਚ ਵੱਖ ਵੱਖ ਜ਼ਿਲ੍ਹਿਆਂ ਅਤੇ ਤਹਿਸੀਲਾਂ ਵਿਚ 100 ਤੋਂ ਉੱਪਰ ਥਾਵਾਂ ਤੇ ਇਹ ਮਾਰਚ ਕੀਤੇ ਗਏ।
ਟਰੈਕਟਰ ਮਾਰਚ ਦੌਰਾਨ ਹੋਏ ਇਕੱਠਾ ਨੂੰ ਕਿਸਾਨ ਜਥੇਬੰਦੀਆਂ ਦੇ ਸੂਬਾਈ ਆਗੂਆਂ ਨੇ ਸੰਬੋਧਨ ਕੀਤਾ। ਉਨ੍ਹਾਂ ਨੇ ਕਿਸਾਨਾਂ ਨੂੰ ਖੇਤੀ ਖੇਤਰ ਉੱਤੇ ਕਾਰਪੋਰੇਟ ਪੱਖੀ ਨੀਤੀਆਂ ਦੇ ਹਮਲੇ ਨੂੰ ਪਛਾੜਣ ਲਈ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਲੜੇ ਗਏ ਇਤਿਹਾਸਕ ਅਤੇ ਸ਼ਾਨਾਮੱਤੇ ਕਿਸਾਨ ਘੋਲ ਤੋਂ ਪ੍ਰੇਰਣਾ ਲੈਕੇ ਅਗਲੇ ਪੜਾਅ ਦੇ ਜੁਝਾਰੂ ਘੋਲ ਲਈ ਤਿਆਰ ਹੋਣ ਦਾ ਸੱਦਾ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਤੋਂ ਵੱਧ ਕੁਝ ਪਿਆਰਾ ਨਹੀ।ਇਸਨੇ ਕਾਰਪੋਰੇਟ ਦੇ 14.56 ਲੱਖ ਕਰੋੜ ਰੁਪਏ ਦੇ ਕਰਜ਼ੇ ਤੇ ਲੀਕ ਮਾਰ ਦਿੱਤੀ। ਕਾਰਪੋਰੇਟ ਘਰਾਣਿਆਂ ਨੇ ਆਪਣੇ ਮੁਨਾਫ਼ਿਆਂ ਖਾਤਰ ਦੇਸ਼ ਲੁੱਟ ਲਿਆ। ਦੇਸ਼ ਵਿੱਚ ਅਮੀਰਾਂ ਗਰੀਬਾਂ ਵਿੱਚ ਪਾੜਾ ਸਿਖਰ ਨੂੰ ਪਹੁੰਚ ਗਿਆ।ਪਰ ਸੰਸਾਰ ਵਿੱਚ ਅੱਜ ਜਦੋਂ ਅਨਾਜ ਦਾ ਸੰਕਟ ਗਹਿਰਾ ਹੋ ਰਿਹਾ ਉਦੋਂ ਦੇਸ਼ ਦੀ ਅਨਾਜ ਸੁਰੱਖਿਆ ਲਈ ਦਿਨ ਰਾਤ ਮਿਹਨਤ ਕਰਨ ਵਾਲੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਸਰਕਾਰਾਂ ਦਾ ਰੱਵਈਆ ਮਤਰੇਈ ਮਾਂ ਵਾਲਾ ਹੈ।ਉਹ ਕਰਜ਼ੇ ਦੇ ਮਾਰੇ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹਨ। ਉਨ੍ਹਾਂ ਨੂੰ ਫਸਲਾਂ ਦਾ ਲਾਹੇਵੰਦ ਭਾਅ ਨਹੀ ਮਿਲਦਾ। ਕਿਸਾਨ ਆਗੂਆਂ ਨੇ ਕਿਸਾਨਾਂ ਖੇਤ ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ ਤੇ ਲੀਕ ਮਾਰਨ ਅਤੇ ਸਾਰੀਆਂ ਫਸਲਾਂ ਦਾ ਸੀ2+50% ਫਾਰਮੂਲੇ ਨਾਲ ਐਮ ਐਸ ਪੀ ਤੇ ਖ੍ਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਉਣ ਦੀ ਮੰਗ ਕੀਤੀ।
ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਕਿਸਾਨ ਹੀ ਨਹੀਂ ਮਜ਼ਦੂਰ, ਮੁਲਾਜ਼ਮ, ਵਪਾਰੀ, ਦੁਕਾਨਦਾਰ,ਡਰਾਈਵਰ ਅਤੇ ਹੋਰ ਤਬਕੇ ਬੁਰੀ ਤਰ੍ਹਾਂ ਪ੍ਰੇਸ਼ਾਨ ਹਨ। ਸਰਕਾਰ ਹਿੱਟ ਐਂਡ ਰਨ ਮਾਮਲੇ ਵਿੱਚ ਸਖ਼ਤ ਸਜ਼ਾਵਾਂ ਅਤੇ ਜੁਰਮਾਨੇ,ਚਾਰ ਲੇਬਰ ਕੋਡ ਅਤੇ ਪਬਲਿਕ ਸੈਕਟਰ ਦੇ ਨਿਜੀਕਰਨ ਰਾਹੀ ਸਾਰੇ ਤਬਕਿਆਂ ਨੂੰ ਕਾਰਪੋਰੇਟ ਘਰਾਣਿਆਂ ਦਾ ਖਾਜਾ ਬਣਾਉਣ ਦੇ ਰਾਹ ਪਈ ਹੋਈ ਹੈ।ਇਸ ਹਮਲੇ ਨੂੰ ਇੱਕ ਵਿਸ਼ਾਲ ਲੋਕ ਲਹਿਰ ਹੀ ਠੱਲ ਸਕਦੀ ਹੈ ਇਸੇ ਕੜੀ ਤਹਿਤ ਸੰਯੁਕਤ ਕਿਸਾਨ ਮੋਰਚਾ ਨੇ ਟ੍ਰੇਡ ਯੂਨੀਅਨਾਂ ਨਾਲ ਮਿਲ ਕੇ 16 ਫਰਵਰੀ ਨੂੰ ਕਿਰਤੀ ਹੜਤਾਲ ਅਤੇ ਪੇਂਡੂ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਸਮਾਜ ਦੇ ਸਾਰੇ ਤਬਕਿਆਂ ਨੂੰ ਇਸ ਬੰਦ ਨੂੰ ਵਿਆਪਕ ਸਮਰਥਨ ਦੇਣ ਦੀ ਅਪੀਲ ਕਰਦਿਆਂ ਕਿਸਾਨਾਂ ਨੂੰ ਇਸ ਬੰਦ ਨੂੰ ਸਫਲ ਬਣਾਉਣ ਲਈ ਜ਼ੋਰਦਾਰ ਢੰਗ ਨਾਲ ਲਾਮਬੰਦੀ ਲਈ ਜੁੱਟ ਜਾਣ ਦਾ ਸੱਦਾ ਦਿੱਤਾ।
ਅੱਜ ਦੇ ਐਕਸ਼ਨ ਦੀ ਅਗਵਾਈ ਸਰਵਸ਼੍ਰੀ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਨਿਰਭੈ ਸਿੰਘ ਢੁੱਡੀਕੇ , ਡਾ. ਦਰਸ਼ਨਪਾਲ, ਹਰਮੀਤ ਸਿੰਘ ਕਾਦੀਆਂ, ਮਨਜੀਤ ਸਿੰਘ ਰਾਏ, ਬਲਦੇਵ ਸਿੰਘ ਨਿਹਾਲਗ੍ਹੜ, ਬੂਟਾ ਸਿੰਘ ਬੁਰਜਗਿੱਲ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਮੱਲੀਨੰਗਲ, ਸਤਨਾਮ ਸਿੰਘ ਅਜਨਾਲਾ, ਮਨਜੀਤ ਸਿੰਘ ਧਨੇਰ, ਬਿੰਦਰ ਸਿੰਘ ਗੋਲੇਵਾਲਾ, ਸੁੱਖਗਿੱਲ ਮੋਗਾ, ਰੁਲਦੂ ਸਿੰਘ ਮਾਨਸਾ, ਵੀਰ ਸਿੰਘ ਬੜਵਾ, ਬੂਟਾ ਸਿੰਘ ਸ਼ਾਦੀਪੁਰ,ਸਤਨਾਮ ਸਿੰਘ ਬਹਿਰੂ, ਬਲਜੀਤ ਸਿੰਘ ਗਰੇਵਾਲ, ਹਰਜਿੰਦਰ ਸਿੰਘ ਟਾਂਡਾ,ਮਲੂਕ ਸਿੰਘ ਹੀਰਕੇ, ਬਲਵਿੰਦਰ ਸਿੰਘ ਰਾਜੂਔਲਖ, ਹਰਜੀਤ ਸਿੰਘ ਰਵੀ, ਨਿਰਵੈਰ ਸਿੰਘ ਡਾਲੇਕੇ, ਹਰਬੰਸ ਸਿੰਘ ਸੰਘਾ, ਪ੍ਰੇਮ ਸਿੰਘ ਭੰਗੂ, ਕੁਲਦੀਪ ਸਿੰਘ ਵਜੀਦਪੁਰ, ਹਰਦੇਵ ਸਿੰਘ ਸੰਧੂ, ਕੰਵਲਪ੍ਰੀਤ ਸਿੰਘ ਪੰਨੂ, ਕਿਰਨਜੀਤ ਸੇਖੋਂ ਅਤੇ ਬੋਘ ਸਿੰਘ ਮਾਨਸਾ ਆਦਿ ਨੇ ਕੀਤੀ।