ਬਠਿੰਡਾ, 5 ਫਰਵਰੀ
ਇਥੇ ਕਾਂਗਰਸ ਭਵਨ ’ਚ ਜ਼ਿਲ੍ਹੇ ਦੀ ਕਾਂਗਰਸੀ ਲੀਡਰਸ਼ਿਪ ਨਾਲ ਮੀਟਿੰਗ ਕਰਨ ਪੁੱਜੇ ਲੋਕ ਸਭਾ ਹਲਕਾ ਬਠਿੰਡਾ ਦੇ ਕੋਆਰਡੀਨੇਟਰ ਅਤੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਸਾਫ਼ ਲਫਜ਼ਾਂ ਵਿੱਚ ਕਿਹਾ,‘‘ਲੋਕ ਸਭਾ ਚੋਣਾਂ ਕਾਂਗਰਸ ਪੰਜਾਬ ਵਿੱਚ ਆਪਣੇ ਦਮ ’ਤੇ ਲੜੇਗੀ, ਕਿਸੇ ਨਾਲ ਕੋਈ ਗੱਠਜੋੜ ਨਹੀਂ ਹੋਵੇਗਾ।’’
ਮੀਟਿੰਗ ਵਿੱਚ ਜ਼ਿਲ੍ਹਾ ਕਾਂਗਰਸ (ਸ਼ਹਿਰੀ) ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ ਦੀ ਅਗਵਾਈ ਵਿੱਚ ਇਕੱਠੀ ਹੋਈ ਲੀਡਰਸ਼ਿਪ ਨੂੰ ਸ੍ਰੀ ਕੰਬੋਜ ਨੇ ਦੱਸਿਆ ਕਿ 11 ਫਰਵਰੀ ਨੂੰ ਸਮਰਾਲਾ ਵਿੱਚ ਸੂਬਾ ਪੱਧਰੀ ਕਨਵੈਨਸ਼ਨ ਕੀਤੀ ਜਾ ਰਹੀ ਹੈ, ਜਿਸ ਵਿੱਚ ਕਾਂਗਰਸ ਦੇ ਕੌਮੀ ਪ੍ਰਧਾਨ ਮਲਕਾ ਅਰਜੁਨ ਖੜਗੇ ਵੀ ਪਹੁੰਚ ਰਹੇ ਹਨ। ਰਾਜਨ ਗਰਗ ਨੇ ਜਾਣਕਾਰੀ ਦਿੱਤੀ ਕਿ ਕਨਵੈਨਸ਼ਨ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ ਹਨ ਅਤੇ ਜ਼ਿਲ੍ਹੇ ’ਚੋਂ ਸਮੁੱਚੀ ਕਾਂਗਰਸ ਲੀਡਰਸ਼ਿਪ ਅਤੇ ਵਰਕਰ ਵੱਡੀ ਗਿਣਤੀ ਵਿੱਚ ਕਨਵੈਨਸ਼ਨ ਵਿਚ ਸ਼ਮੂਲੀਅਤ ਕਰਨਗੇ। ਹਰਦਿਆਲ ਸਿੰਘ ਕੰਬੋਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗਾਮੀ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਜਾਣਕਾਰੀ ਦਿੱਤੀ ਕਿ ਪਾਰਟੀ ਵੱਲੋਂ ਪੰਜਾਬ ਦੀਆਂ 29 ਜ਼ਿਲ੍ਹਾ ਕਮੇਟੀਆਂ ਬਣਾ ਕੇ 2700 ਅਹੁਦੇਦਾਰ ਨਿਯੁਕਤ ਕੀਤੇ ਗਏ ਹਨੇ। ਇਸ ਦੇ ਨਾਲ ਹੀ 290 ਬਲਾਕ ਪੱਧਰ ਦੀਆਂ ਕਮੇਟੀਆਂ ਬਣਾ ਕੇ 9000 ਵਰਕਰਾਂ ਨੂੰ ਅਹੁਦੇਦਾਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੂਥ ਪੱਧਰ ’ਤੇ 31 ਮੈਂਬਰੀ ਕਮੇਟੀਆਂ ਦਾ ਵੀ ਗਠਨ ਕੀਤਾ ਗਿਆ ਹੈ ਅਤੇ ਇਸ ਦੇ ਨਾਲ 20 ਬੂਥਾਂ ਦੇ ਮੰਡਲ ਕਮੇਟੀ ਇੰਚਾਰਜ ਵੀ ਨਿਯੁਕਤ ਕੀਤੇ ਗਏ ਹਨ। ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਜ਼ਿਲ੍ਹਾ ਕੋਆਰਡੀਨੇਟਰ ਥਾਪੇ ਗਏ ਕ੍ਰਿਸ਼ਨ ਸ਼ਰਮਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਹੋਰਨਾਂ ’ਚ ਬਲਾਕ ਪ੍ਰਧਾਨ ਬਲਰਾਜ ਸਿੰਘ ਪੱਕਾ, ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਕਿਰਨਦੀਪ ਕੌਰ ਵਿਰਕ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ ਹਰਵਿੰਦਰ ਲੱਡੂ, ਟਹਿਲ ਸਿੰਘ ਸੰਧੂ, ਟਹਿਲ ਸਿੰਘ ਬੁੱਟਰ, ਜੋਗਿੰਦਰ ਸਿੰਘ, ਮਹਿੰਦਰ ਭੋਲਾ, ਮਨਜੀਤ ਸਿੰਘ, ਮਲਕੀਤ ਸਿੰਘ, ਲਖਵਿੰਦਰ ਸਿੰਘ, ਬਲਜਿੰਦਰ ਸਿੰਘ ਠੇਕੇਦਾਰ ਗੁਰਭਗਤ ਸਿੰਘ ਆਦਿ ਹਾਜ਼ਰ ਸਨ।