ਮਲੋਟ, 16 ਫਰਵਰੀ
ਇਥੇ ਤਿਕੋਨੀ ਚੌਕ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਵੱਖ-ਵੱਖ ਕਿਸਾਨ, ਮੁਲਾਜ਼ਮ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਸਾਂਝੇ ਤੌਰ ‘ਤੇ ਕਿਸਾਨੀ ਮੰਗਾਂ ਅਤੇ ਕਿਸਾਨਾਂ ‘ਤੇ ਹਰਿਆਣਾ ਪੁਲੀਸ ਵੱਲੋਂ ਕੀਤੇ ਗਏ ਗੈਰਮਨੁੱਖੀ ਵਰਤਾਰੇ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਜੰਮ ‘ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕੌਮੀ ਕਿਸਾਨ ਯੂਨੀਅਨ ਦੇ ਮੁੱਖ ਬੁਲਾਰੇ ਲੱਖਾ ਸ਼ਰਮਾ, ਕਿਰਤੀ ਕਿਸਾਨ ਯੂਨੀਅਨ ਦੇ ਜਸਦੇਵ ਸਿੰਘ ਸੰਧੂ, ਮੁਲਾਜ਼ਮ ਜਥੇਬੰਦੀ ਦੇ ਮਾਸਟਰ ਹਿੰਮਤ ਸਿੰਘ ਤੋਂ ਇਲਾਵਾ ਹੋਰ ਵੀ ਕਈ ਆਗੂਆਂ ਨੇ ਸੰਬੋਧਨ ਕੀਤਾ ਅਤੇ ਕੇਂਦਰ ਸਰਕਾਰ ਦੀਆਂ ਕਿਸਾਨ ਅਤੇ ਲੋਕ ਮਾਰੂ ਨੀਤੀਆਂ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਲੋਕਤੰਤਰ ਦੀ ਸੰਘੀ ਘੁੱਟੀ ਜਾ ਰਹੀ ਹੈ ਅਤੇ ਫਰੀਡਮ ਟੂ ਸਪੀਚ ਦੇ ਅਧਿਕਾਰ ਨੂੰ ਕੁਚਲਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਪਣੇ ਹੱਕਾਂ ਲਈ ਦਿੱਲੀ ਜਾ ਰਹੇ ਕਿਸਾਨਾਂ ਨੇ ਇੰਨਾ ਕੀ ਗੁਨਾਹ ਕੀਤਾ ਸੀ ਕਿ ਉਹਨਾਂ ‘ਤੇ ਮਿਆਦ ਪੁੱਗ ਚੁੱਕੇ ਅੱਥਰੂ ਗੈਸ ਦੇ ਗੋਲੇ ਸੁੱਟੇ ਗੲਏ ਅਤੇ ਗੰਦੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਅਜਿਹੀਆਂ ਕਾਰਵਾਈਆਂ ਦਾ ਖਮਿਆਜ਼ਾ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਹਰ ਹੀਲੇ ਭੁਗਤਣਾ ਪਵੇਗਾ। ਓਧਰ ਅੱਜ ਬੰਦ ਦੇ ਸੱਦੇ ਨੂੰ ਮੁੱਖ ਰਖਦਿਆਂ ਲੋਕਾਂ ਨੇ ਆਪੋ-ਆਪਣੇ ਛੋਟੇ ਤੋਂ ਲੈ ਕੇ ਵੱਡੇ ਕਾਰੋਬਾਰਾਂ ਅਤੇ ਦੁਕਾਨਾਂ ਆਦਿ ਪੂਰਨ ਰੂਪ ਵਿਚ ਬੰਦ ਕਰਕੇ ਕਿਸਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ।