ਪੰਜਾਬ ਦਾ ਬਜਟ ਸੈਸ਼ਨ ਪਹਿਲੀ ਤੋਂ 15 ਮਾਰਚ ਤੱਕ ਸੱਦਿਆ,ਬਜਟ 5 ਮਾਰਚ ਨੂੰ ਪੇਸ਼ ਹੋਵੇਗਾ

ਚੰਡੀਗੜ੍ਹ, 22 ਫਰਵਰੀ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸਨ ਇਕ ਮਾਰਚ ਤੋਂ 15 ਮਾਰਚ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਹ ਫੈਸਲਾ ਅੱਜ ਇਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 5 ਮਾਰਚ ਨੂੰ ਵਿੱਤੀ ਸਾਲ 2024-25 ਲਈ ਬਜਟ ਪੇਸ਼ ਕਰਨਗੇ। ਸੈਸ਼ਨ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਅਤੇ ਬਾਅਦ ਵਿੱਚ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ।

ਸੁਲਤਾਨਪੁਰ ਲੋਧੀ ਵਿਖੇ ਅਮਨ-ਕਾਨੂੰਨ ਦੀ ਰਾਖੀ ਕਰਦਿਆਂ ਸ਼ਹੀਦ ਹੋਣ ਵਾਲੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਮਨਿਆਲਾ ਦੇ ਪੰਜਾਬ ਹੋਮਗਾਰਡਜ਼ ਦੇ ਵਲੰਟੀਅਰ ਜਸਪਾਲ ਸਿੰਘ ਦੇ ਯੋਗਦਾਨ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਸ਼ਹੀਦ ਦੇ ਪਰਿਵਾਰ ਨੂੰ ਵਿਸ਼ੇਸ਼ ਕੇਸ ਵਜੋਂ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਪੰਜਾਬ ਹੋਮਗਾਰਡਜ਼ ਦੇ ਇਸ ਵਲੰਟੀਅਰਾਂ ਦੀ ਕੁਰਬਾਨੀ ਨੂੰ ਵੀ ਪੁਲਿਸ ਅਫਸਰਾਂ, ਅਰਧ-ਸੈਨਿਕ ਬਲ ਅਤੇ ਫੌਜ ਵਿੱਚ ਸੇਵਾ ਨਿਭਾਅ ਰਹੇ ਪੰਜਾਬ ਦੇ ਵਾਸੀ ਸੈਨਿਕਾਂ ਦੇ ਬਰਾਬਰ ਦਰਜਾ ਦਿੱਤਾ ਹੈ।

ਮੰਤਰੀ ਮੰਡਲ ਨੇ ਸਾਲ 2019 ਦੀ ਅਧਿਆਪਕ ਤਬਾਦਲਾ ਨੀਤੀ ਦੇ ਪੈਰਾ-9 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜੋ ਅਧਿਆਪਕ ਕਾਡਰ ਦੇ ਉਨ੍ਹਾਂ ਕਰਮਚਾਰੀਆਂ ਦੇ ਵਡੇਰੇ ਹਿੱਤ ਵਿੱਚ ਕੀਤੀ ਗਈ ਹੈ, ਜੋ ਕਿ ਛੋਟ ਮੁਕਤ ਸ਼੍ਰੇਣੀ ਵਿੱਚ ਆਉਂਦੇ ਹਨ। ਇਸ ਵਿੱਚ ਇਹ ਵਿਵਸਥਾ ਕੀਤੀ ਗਈ ਹੈ ਕਿ ਜਿਹੜੇ ਮੁਲਾਜ਼ਮ ਕੈਂਸਰ ਮਰੀਜ਼ (ਖੁਦ, ਜੀਵਨ ਸਾਥੀ ਜਾਂ ਬੱਚੇ)/ ਡਾਇਲਸਿਸ (ਖੁਦ, ਜੀਵਨ ਸਾਥੀ ਜਾਂ ਬੱਚੇ)/ਲਿਵਰ ਜਾਂ ਗੁਰਦਾ ਟਰਾਂਸਪਲਾਂਟ/40 ਫੀਸਦੀ ਤੋਂ ਵੱਧ ਦਿਵਿਆਂਗ/ਹੈਪੇਟਾਈਟਸ-ਬੀ/ਹੈਪੇਟਾਈਟਸ-ਸੀ/ਸਿੱਕਲ ਸੈੱਲ ਅਨੀਮੀਆ/ਥੈਲੇਸੀਮੀਆ (ਖੁਦ ਜਾਂ ਬੱਚੇ)/ਤਲਾਕਸ਼ੁਦਾ/ਜਿਨ੍ਹਾਂ ਮੁਲਾਜ਼ਮਾਂ ਦੇ ਵਿਸ਼ੇਸ਼ ਬੱਚੇ ਜਾਂ ਬੌਧਿਕ ਤੌਰ ਉਤੇ ਵਿਸ਼ੇਸ਼ ਬੱਚੇ ਹਨ/ਜੰਗੀ ਵਿਧਵਾ/ਸ਼ਹੀਦ ਦੀ ਵਿਧਵਾ/ਜੀਵਨ ਸਾਥੀ ਦੀ ਮੌਤ ਹੋ ਜਾਣ ਦੀ ਸੂਰਤ ਵਿੱਚ ਸੇਵਾ ਨਿਭਾਅ ਰਹੇ ਮੁਲਾਜ਼ਮ ਦਾ ਕਿਸੇ ਹੋਰ ਸਟੇਸ਼ਨ ਉਤੇ ਤੁਰੰਤ ਜਾਣਾ ਲੋੜੀਂਦਾ ਹੋਵੇ ਅਤੇ ਬੱਚਿਆਂ ਦੀ ਉਮਰ 18 ਸਾਲ ਤੋਂ ਘੱਟ ਹੋਵੇ ਜਾਂ ਉਹ ਅਧਿਆਪਕ ਜਿਸ ਦਾ ਜੀਵਨ ਸਾਥੀ ਹਥਿਆਰਬੰਦ ਸੈਨਾਵਾਂ ਵਿੱਚ ਸੇਵਾ ਨਿਭਾਅ ਰਿਹਾ ਹੈ ਅਤੇ ਉਸ ਦੀ ਤਾਇਨਾਤੀ ਔਖੀਆਂ ਹਾਲਤਾਂ ਵਾਲੀ ਥਾਂ ਉਤੇ ਹੋਵੇ ਨੂੰ ਰਾਹਤ ਦੇਣ ਦਾ ਫੈਸਲਾ ਕੀਤਾ ਹੈ।

ਮੰਤਰੀ ਮੰਡਲ ਨੇ ਜਲ ਸਰੋਤ ਵਿਭਾਗ ਦੇ ਡਿਜ਼ਾਈਨ ਵਿੰਗ ਨੂੰ ਸਰਕਾਰੀ ਮਲਕੀਅਤ ਵਾਲੇ/ਸਹਾਇਤਾ ਪ੍ਰਾਪਤ ਕਾਲਜਾਂ ਅਤੇ ਇੰਜਨੀਅਰਿੰਗ ਕਾਲਜਾਂ/ਸੰਸਥਾਵਾਂ ਦੇ ਸਟਾਫ ਦੀ ਤਰਜ਼ ਉਤੇ ਨਿੱਜੀ ਸੰਸਥਾਵਾਂ ਨੂੰ ਡਿਜ਼ਾਈਨ ਅਤੇ ਕੰਸਲਟੈਂਸੀ ਸੇਵਾਵਾਂ ਪ੍ਰਦਾਨ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਵਿੱਚ ਇਹ ਸ਼ਰਤ ਹੋਵੇਗੀ ਕਿ ਡਿਜ਼ਾਈਨ ਅਤੇ ਕੰਸਲਟੈਂਸੀ ਸੇਵਾਵਾਂ ਰਾਹੀਂ ਪੈਦਾ ਹੋਣ ਵਾਲੇ ਮਾਲੀਏ ਦਾ 40 ਫੀਸਦੀ ਸੂਬੇ ਦੇ ਖਜ਼ਾਨੇ ਵਿੱਚ ਜਮ੍ਹਾਂ ਕਰਵਾਇਆ ਜਾਵੇਗਾ। ਮੰਤਰੀ ਮੰਡਲ ਨੇ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਕਰਨ ਲਈ ਬਿੱਲ ਵਿਧਾਨ ਸਭਾ ਦੇ ਅਗਾਮੀ ਇਜਲਾਸ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸੋਧ ਨਾਲ ਜੰਗੀ ਜਗੀਰ ਦੀ ਰਾਸ਼ੀ (ਵਿੱਤੀ ਸਹਾਇਤਾ) ਮੌਜੂਦਾ 10,000 ਰੁਪਏ ਸਾਲਾਨਾ ਤੋਂ ਵਧ ਕੇ 20,000 ਰੁਪਏ ਸਾਲਾਨਾ ਹੋ ਜਾਵੇਗੀ।

ਇਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਮੰਤਰੀ ਮੰਡਲ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪੁਨਰਗਠਨ ਤੋਂ ਬਾਅਦ ਵਿਭਾਗ ਵਿੱਚ ਗਰੁੱਪ-ਬੀ ਤੇ ਸੀ ਦੇ ਮੁਲਾਜ਼ਮਾਂ ਦੇ ਸੇਵਾ ਨਿਯਮਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਮੰਤਰੀ ਮੰਡਲ ਨੇ ਉਦਯੋਗ ਅਤੇ ਕਮਰਸ ਵਿਭਾਗ, ਪੰਜਾਬ ਵਿੱਚ ‘ਐਮ.ਐਸ.ਐਮ.ਈ. ਪੰਜਾਬ’ ਨਾਮਕ ਸਮਰਪਿਤ ਵਿੰਗ ਦੀ ਸਥਾਪਨਾ ਨੂੰ ਪ੍ਰਵਾਨਗੀ ਦਿੱਤੀ ਹੈ।ਐਮ.ਐਸ.ਐਮ.ਈ. ਪੰਜਾਬ’ ਐੱਮ.ਐੱਸ.ਐੱਮ.ਈ. ਉਦਯੋਗਾਂ ਨੂੰ ਉੱਨਤ ਤਕਨੀਕਾਂ ਅਪਣਾਉਂਣ ਅਤੇ ਆਲਮੀ ਮੰਡੀ ਵਿੱਚ ਅੱਗੇ ਰਹਿਣ ਲਈ ਉਨ੍ਹਾਂ ਦੇ ਕਾਰਜਾਂ ਨੂੰ ਆਧੁਨਿਕ ਬਣਾਉਣ ਵਿੱਚ ਸਹਾਇਤਾ ਪ੍ਰਦਾਨ ਕਰੇਗਾ, ਆਧੁਨਿਕ ਟੈਸਟਿੰਗ ਸੁਵਿਧਾਵਾਂ ਅਤੇ ਗੁਣਵੱਤਾ ਪ੍ਰਮਾਣੀਕਰਣ ਦੇ ਖੇਤਰਾਂ ਵਿੱਚ ਸਾਂਝੇ ਸੁਵਿਧਾ ਕੇਂਦਰ ਦੀ ਸਥਾਪਨਾ ਦੀ ਸਹੂਲਤ ਪ੍ਰਦਾਨ ਕਰੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਤਪਾਦ ਅੰਤਰਰਾਸ਼ਟਰੀ ਮਾਪਦੰਡਾਂ ਨੂੰ ਪੂਰਾ ਕਰਦੇ ਹਨ ਤੇ ਇਸ ਪਹਿਲਕਦਮੀ ਨਾਲ ਸੂਬੇ ਵਿੱਚ ਲਗਭਗ 8 ਲੱਖ ਮੌਜੂਦਾ ਅਤੇ ਨਵੇਂ ਐਮ.ਐਸ.ਐਮ.ਈ. ਉਦਯੋਗ ਨੂੰ ਵੱਡਾ ਲਾਭ ਮਿਲੇਗਾ।

Leave a Reply

Your email address will not be published. Required fields are marked *