ਸ਼ਿਮਲਾ, 27 ਫਰਵਰੀ
ਬੀਜੇਪੀ ਉਮੀਦਵਾਰ ਹਰਸ਼ ਮਹਾਜਨ ਨੂੰ ਮੰਗਲਵਾਰ ਨੂੰ ਹਿਮਾਚਲ ਪ੍ਰਦੇਸ਼ ਤੋਂ ਰਾਜ ਸਭਾ ਸੀਟ ਲਈ ਚੁਣੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਕਿਉਂਕਿ ਦੋਵਾਂ ਉਮੀਦਵਾਰਾਂ ਨੂੰ 34-34 ਵੋਟਾਂ ਮਿਲੀਆਂ ਸਨ। ਕਾਂਗਰਸ ਦੇ ਛੇ ਵਿਧਾਇਕਾਂ ਨੇ ਕਰਾਸ ਵੋਟਿੰਗ ਕੀਤੀ ਜਿਸ ਕਾਰਨ ਸੱਤਾਧਾਰੀ ਪਾਰਟੀ ਦੇ 40 ਵਿਧਾਇਕ ਹੋਣ ਦੇ ਬਾਵਜੂਦ ਕਾਂਗਰਸ ਉਮੀਦਵਾਰ ਅਭਿਸ਼ੇਕ ਮਨੂ ਸਿੰਘਵੀ ਨੂੰ 34 ਵੋਟਾਂ ਮਿਲੀਆਂ। ਇਸ ਤੋਂ ਪਹਿਲਾਂ ਚਿੰਤਪੁਰਨੀ ਤੋਂ ਸੱਤਾਧਾਰੀ ਪਾਰਟੀ ਦੇ ਵਿਧਾਇਕ ਸੁਦਰਸ਼ਨ ਬਬਲੂ ਨੇ ਆਖਰੀ ਵੋਟ ਪਾਈ। ਬਬਲੂ ਦੀ ਸਿਹਤ ਠੀਕ ਨਾ ਹੋਣ ਕਾਰਨ ਉਸ ਨੂੰ ਹੈਲੀਕਾਪਟਰ ਰਾਹੀਂ ਵਿਧਾਨ ਸਭਾ ਲਿਆਂਦਾ ਗਿਆ। ਵਿਰੋਧੀ ਧਿਰ ਦੇ ਨੇਤਾ ਜੈ ਰਾਮ ਠਾਕੁਰ ਨੇ ਦਾਅਵਾ ਕੀਤਾ ਕਿ ਕਾਂਗਰਸੀ ਵਿਧਾਇਕ ਬਬਲੂ ਨੂੰ ਲਿਆਉਣ ਲਈ ਮੁੱਖ ਮੰਤਰੀ ਦਾ ਹੈਲੀਕਾਪਟਰ ਭੇਜਿਆ ਗਿਆ ਸੀ, ਜੋ ਚੋਣ ਜ਼ਾਬਤੇ ਦੀ ਉਲੰਘਣਾ ਹੈ ਅਤੇ ਉਨ੍ਹਾਂ ਦੀ ਵੋਟ ਨਾ ਗਿਣਨ ਦੀ ਮੰਗ ਕੀਤੀ।