ਮਜੀਠਾ, 28 ਫਰਵਰੀ
ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਹੱਕੀ ਮੰਗਾਂ ਲਈ ਜੂਝਦੇ ਕਿਸਾਨਾਂ ਨਾਲ ਹਮਦਰਦੀ ਅਤੇ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਲਈ ਅੱਜ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਵੱਡੀ ਤਾਦਾਦ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਵਿਧਾਨ ਸਭਾ ਹਲਕਾ ਮਜੀਠਾ ਅਤੇ ਰਾਜਾਸਾਂਸੀ ਵਿੱਚ ਇਲਾਕੇ ਦੇ ਪਿੰਡਾਂ ਵਿੱਚ ਟਰੈਕਟਰ ਮਾਰਚ ਕੀਤਾ ਗਿਆ। ਵੱਖ ਵੱਖ ਪਿੰਡਾਂ ਵਿੱਚ ਲੋਕਾਂ ਨੂੰ ਲਾਮਬੰਦ ਹੋ ਕੇ ਕਿਸਾਨੀ ਮੰਗਾਂ ਦੇ ਹੱਕ ਵਿੱਚ ਡਟਣ ਦਾ ਸੁਨੇਹਾ ਦੇਂਦਿਆਂ ਸ੍ਰੀ ਔਜਲਾ ਨੇ ਕਿਹਾ ਕਿ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਆਪਣੀਆਂ ਜਾਇਜ਼ ਮੰਗਾਂ ਲਈ ਕਿਸਾਨ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਥਾਂ ਕੇਂਦਰ ਸਰਕਾਰ ਦੀ ਸ਼ਹਿ ’ਤੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਉੱਤੇ ਬੇਰਹਿਮੀ ਨਾਲ ਅੱਥਰੂ ਗੈਸ ਅਤੇ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਨੌਜਵਾਨ ਕਿਸਾਨ ਸੁਭਕਰਮ ਸਿੰਘ ਦੀ ਮੌਤ ਹੋ ਗਈ ਅਤੇ ਵੱਡੀ ਗਿਣਤੀ ’ਚ ਕਿਸਾਨ ਗੰਭੀਰ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਵੱਲੋਂ ਪੂਰੇ ਪੰਜਾਬ ਵਿੱਚ ਕਿਸਾਨਾਂ ਦੇ ਹੱਕ ਵਿੱਚ ਅਵਾਜ਼ ਬੁਲੰਦ ਕੀਤੀ ਗਈ ਹੈ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਭਗਵੰਤਪਾਲ ਸਿੰਘ ਸੱਚਰ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਲੋਕਾਂ ਅਤੇ ਕਿਸਾਨਾਂ ਦੀ ਦੁਸ਼ਮਣ ਭਾਰਤੀ ਜਨਤਾ ਪਾਰਟੀ ਨੂੰ ਹੁਣ ਦੇਸ਼ ਦੀ ਸੱਤਾ ਤੋਂ ਲਾਂਭੇ ਕਰਨ ਲਈ ਲਾਮਬੰਦ ਹੋਣ।