ਨਵੀਂ ਦਿੱਲੀ, 1 ਮਾਰਚ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਗੁਜਰਾਤ ਅਤੇ ਕੇਂਦਰ ਦੀ ਡਬਲ ਇੰਜਣ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਹ ਸਰਕਾਰਾਂ ਸੂਬੇ ’ਚ ਨੌਕਰੀਆਂ ਦੇਣ ਦੇ ਆਪਣੇ ਵਾਅਦੇ ਪੂਰੇ ਕਰਨ ’ਚ ਨਾਕਾਮ ਸਾਬਤ ਹੋਈਆਂ ਹਨ ਜਿਸ ਕਾਰਨ ਸੂਬੇ ’ਚ ਖੁਦਕੁਸ਼ੀਆਂ ਦੇ ਮਾਮਲੇ ਵਧੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ’ਚ ਗੁਜਰਾਤ ’ਚ 25,478 ਲੋਕਾਂ ਨੇ ਖੁਦਕੁਸ਼ੀ ਕੀਤੀ ਹੈ ਜੋ ਸਰਕਾਰ ਦੀ ਨਾਕਾਮੀ ਸਾਬਤ ਕਰਦੀ ਹੈ। ਉਨ੍ਹਾਂ ਕਿਹਾ ਕਿ ਆਪਣੇ ਜੱਦੀ ਸੂਬੇ ’ਚ ਵਧਦੀਆਂ ਖੁਦਕੁਸ਼ੀਆਂ ਦੇ ਮਾਮਲੇ ’ਚ ਪ੍ਰਧਾਨ ਮੰਤਰੀ ਨੇ ਚੁੱਪੀ ਧਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਅਤੇ ਖੁਦਕੁਸ਼ੀਆਂ ਨਾਲ ਜੁੜੇ ਮੁੱਦਿਆਂ ਦਾ ਛੇਤੀ ਹੱਲ ਕੀਤਾ ਜਾਣਾ ਚਾਹੀਦਾ ਹੈ। ਇਥੇ ਇਕ ਬਿਆਨ ’ਚ ਉਨ੍ਹਾਂ ਕਿਹਾ ਕਿ ਗੁਜਰਾਤ ਸਰਕਾਰ ਵਿੱਚ ਵਧਦੀ ਖੁਦਕੁਸ਼ੀ ਦਰ ਦੇ ਅੰਕੜੇ ਬੇਹਦ ਚਿੰਤਾਜਨਕ ਹਨ । ਸੂਬੇ ਦੀ ਵਿਧਾਨ ਸਭਾ ਵਿੱਚ ਪੇਸ਼ ਕੀਤੇ ਅੰਕੜਿਆਂ ਅਨੁਸਾਰ ਪਿਛਲੇ ਤਿੰਨ ਸਾਲਾਂ ’ਚ 495 ਵਿਦਿਆਰਥੀਆਂ ਸਮੇਤ 25,478 ਵਿਅਕਤੀਆਂ ਨੇ ਦੁਖੀ ਹੋ ਕੇ ਖੁਦਕੁਸ਼ੀਆਂ ਕੀਤੀਆਂ।