ਲੁਧਿਆਣਾ, 5 ਮਾਰਚ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਗੜੇਮਾਰੀ ਅਤੇ ਭਾਰੀ ਬਾਰਸ਼ ਕਾਰਨ ਹੋਏ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਵਾਉਣ ਅਤੇ ਮੁਆਵਜ਼ਾ ਦੇਣ ਦੀ ਮੰਗ ਨੂੰ ਲੈਕੇ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਰੋਸ ਮੁਜ਼ਾਹਰਾ ਕੀਤਾ ਗਿਆ ਜਿਸ ਵਿੱਚ ਸੈਂਕੜੇ ਕਿਸਾਨਾਂ ਨੇ ਹਿੱਸਾ ਲਿਆ।
ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਦੀ ਅਗਵਾਈ ‘ਚ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਜਿਸ ਵਿੱਚ ਮੰਗ ਕੀਤੀ ਗਈ ਕਿ ਨੁਕਸਾਨੀਆਂ ਫਸਲਾਂ ਦੀ ਤੁਰੰਤ ਸਮਾਬੱਧ ਗਿਰਦਾਵਰੀ ਕਰਨ ਲਈ ਮਾਲ ਮਹਿਕਮੇ ਨੂੰ ਹੁਕਮ ਜਾਰੀ ਕੀਤੇ ਜਾਣ। ਰੈਲੀ ਨੂੰ ਸੰਬੋਧਨ ਕਰਦਿਆਂ ਇੰਦਰਜੀਤ ਸਿੰਘ ਧਾਲੀਵਾਲ਼ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਿਛਲੇ ਸਮੇਂ ’ਚ ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਦਾ ਵਿਸ਼ੇਸ਼ਕਰ ਆਲੂਆਂ ਅਤੇ ਮੀਂਹ ’ਚ ਡੁਬੇ ਝੋਨੇ ਦੇ ਨੁਕਸਾਨ ਦੀ ਇੱਕ ਵੀ ਕੋਡੀ ਕਿਸਾਨਾਂ ਨੂੰ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਭ ਤੋ ਵੱਡੇ ਪਿੰਡ ਕਾਉਂਕੇ ਕਲਾਂ ਵਿੱਖੇ ਕਣਕ ਦੀ ਫ਼ਸਲ ’ਤੇ ਸਭ ਤੋਂ ਵੱਧ ਮਾਰ ਪਈ ਹੈ। ਇਸ ਸਮੇਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਚ ਕੋਈ ਬਿਆਨ ਨਾ ਆਉਣਾ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਨਾਲ ਕੋਈ ਸਰੋਕਾਰ ਨਹੀਂ ਹੈ। ਇਸ ਸਮੇਂ ਤਾਰਾ ਸਿੰਘ ਅਚਰਵਾਲ, ਤਰਸੇਮ ਸਿੰਘ ਬੱਸੂਵਾਲ, ਹਰਜਿਦਰ ਕੋਰ, ਜਗਜੀਤ ਸਿੰਘ ਕਲੇਰ, ਸੁਖਵਿੰਦਰ ਸਿੰਘ ਹੰਬੜਾ ਅਤੇ ਸਰਬਜੀਤ ਸਿੰਘ ਧੂੜਕੋਟ ਵੀ ਹਾਜ਼ਰ ਸਨ।