ਪਟਿਆਲਾ, 23 ਅਗਸਤ (ਦਲਜੀਤ ਸਿੰਘ)- ਲਗਾਤਾਰ ਵਿਵਾਦਤ ਬਿਆਨਬਾਜ਼ੀ ਕੀਤੇ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਸਲਾਹਕਾਰਾਂ ਨੂੰ ਤਲਬ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਨੇ ਆਪਣੇ ਦੋ ਸਲਾਹਕਾਰਾਂ ਮਾਲਵਿੰਦਰ ਸਿੰਘ ਮਾਲੀ ਅਤੇ ਡਾ. ਪਿਆਰੇ ਲਾਲ ਗਰਗ ਨੂੰ ਪਟਿਆਲਾ ਵਿਚ ਮੀਟਿੰਗ ਲਈ ਸੱਦਿਆ ਹੈ। ਦੱਸਣਯੋਗ ਹੈ ਕਿ ਸਿੱਧੂ ਦੇ ਸਲਾਹਕਾਰਾਂ ਵਲੋਂ ਪਾਕਿਸਤਾਨ ਤੇ ਕਸ਼ਮੀਰ ’ਤੇ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਉਨ੍ਹਾਂ ਦੀ ਖ਼ੂਬ ਕਿਰਕਿਰੀ ਹੋਈ। ਮਾਲੀ ਨੇ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਇਕ ਵਿਵਦਾਤ ਪੋਸਟਰ ਵੀ ਆਪਣੇ ਫੇਸਬੁੱਕ ਪੇਜ ’ਤੇ ਸਾਂਝਾ ਕੀਤਾ ਸੀ। ਇਸ ਤੋਂ ਬਾਅਦ ਪਾਰਟੀ ਆਗੂਆਂ ਨੇ ਇਸ ਦਾ ਵਿਰੋਧ ਵੀ ਕੀਤਾ।
ਇਸ ਮਾਮਲੇ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਖ਼ਤ ਨੋਟਿਸ ਲਿਆ। ਕੈਪਟਨ ਨੇ ਕਿਹਾ ਕਿ ਇਨ੍ਹਾਂ ਟਿੱਪਣੀਆਂ ਤੋਂ ਸੂਬੇ ਦੇ ਨਾਲ-ਨਾਲ ਦੇਸ਼ ਦੀ ਸ਼ਾਂਤੀ ਤੇ ਸਥਿਰਤਾ ਲਈ ਖ਼ਤਰਾ ਪੈਦਾ ਹੋ ਸਕਦਾ ਹੈ। ਕੈਪਟਨ ਨੇ ਸਿੱਧੂ ਨੂੰ ਵੀ ਆਪਣੇ ਸਲਾਹਕਾਰਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਸਲਾਹ ਦੇਣ ਤਕ ਸੀਮਿਤ ਰੱਖਣ ਦੀ ਨਸੀਹਤ ਦਿੱਤੀ। ਇਸ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਨੇ ਆਪਣੇ ਦੋਵੇਂ ਸਲਾਹਕਾਰਾਂ ਨੂੰ ਤਲਬ ਕੀਤਾ ਹੈ।
ਮਨੀਸ਼ ਤਿਵਾੜੀ ਨੇ ਵੀ ਚੁੱਕੇ ਸਵਾਲ
ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸ ਦੇ ਸੀਨੀਅਰ ਆਗੂ ਮਨੀਸ਼ ਤਿਵਾੜੀ ਨੇ ਅਜਿਹੀ ਵਿਵਾਦਤ ਬਿਆਨਬਾਜ਼ੀ ਕਰਨ ਵਾਲਿਆਂ ’ਤੇ ਕਾਰਵਾਈ ਦੀ ਮੰਗ ਕੀਤੀ ਹੈ। ਤਿਵਾੜੀ ਨੇ ਟਵੀਟ ਕਰਦੇ ਹੋਏ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੂੰ ਅਪੀਲ ਕਰਦਿਆਂ ਆਖਿਆ ਹੈ ਕਿ ਜਿਹੜੇ ਲੋਕ ਜੰਮੂ-ਕਸ਼ਮੀਰ ਨੂੰ ਭਾਰਤ ਦਾ ਹਿੱਸਾ ਨਹੀਂ ਮੰਨਦੇ ਹਨ, ਅਤੇ ਪਾਕਿਸਤਾਨੀ ਪੱਖੀ ਹਨ ਕੀ ਉਹ ਕਾਂਗਰਸ ਦਾ ਹਿੱਸਾ ਹੋਣੇ ਚਾਹੀਦੇ ਹਨ। ਇਸ ਟਵੀਟ ਦੇ ਨਾਲ ਤਿਵਾੜੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਉਹ ਬਿਆਨ ਵੀ ਸਾਂਝਾ ਕੀਤਾ ਹੈ, ਜਿਸ ਵਿਚ ਉਨ੍ਹਾਂ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਸੋਚ ਸਮਝ ਕੇ ਬਿਆਨਬਾਜ਼ੀ ਕਰਨ ਲਈ ਤਾੜਿਆ ਹੈ। ਇਥੇ ਹੀ ਬਸ ਨਹੀਂ ਤਿਵਾੜੀ ਨੇ ਆਖਿਆ ਹੈ ਕਿ ਅਜਿਹੇ ਬਿਆਨ ਉਨ੍ਹਾਂ ਸਾਰਿਆਂ ਦਾ ਮਜ਼ਾਕ ਉਡਾਉਂਦੇ ਹਨ, ਜਿਨ੍ਹਾਂ ਨੇ ਭਾਰਤ ਲਈ ਆਪਣਾ ਖੂਨ ਵਹਾਇਆ ਹੈ।