ਚੰਡੀਗੜ੍ਹ ,9 ਮਾਰਚ –ਪੰਜਾਬ ਵਜਾਰਤ ਨੇ ਅੱਜ 2024-25 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਰਾਜ ਨੇ ਆਉਣ ਵਾਲੇ ਵਿੱਤੀ ਸਾਲ ਵਿੱਚ ਰਾਜ ਵਿੱਚ ਸ਼ਰਾਬ ਦੀ ਵਿਕਰੀ ਰਾਹੀਂ 10,350 ਕਰੋੜ ਰੁਪਏ ਦੀ ਸਾਲਾਨਾ ਆਮਦਨ ਦਾ ਟੀਚਾ ਰੱਖਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਵਜਾਰਤ ਦੀ ਮੀਟਿੰਗ ਵਿੱਚ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ। 2023-24 ਲਈ ਲੇਬਰ ਕਾਰਟੇਜ ਅਤੇ ਟਰਾਂਸਪੋਰਟੇਸ਼ਨ ਨੀਤੀ ਨੂੰ ਜੁਲਾਈ 2024 ਤੱਕ ਵਧਾ ਦਿੱਤਾ ਗਿਆ ਹੈ। ਨਵੀਂ ਨੀਤੀ ਲਿਆਂਦੀ ਜਾਵੇਗੀ ਅਤੇ ਫਿਰ ਮਨਜ਼ੂਰੀ ਦਿੱਤੀ ਜਾਵੇਗੀ। ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਵਜਾਰਤ ਨੇ ਤਰਨਤਾਰਨ ਅਤੇ ਸੰਗਰੂਰ ਵਿੱਚ ਬੱਚਿਆਂ ਦੀ ਜਿਨਸੀ ਅਪਰਾਧਾਂ ਤੋਂ ਸੁਰੱਖਿਆ (ਪੋਕਸੋ) ਦੇ ਕੇਸਾਂ ਨਾਲ ਨਿਪਟਣ ਲਈ ਦੋ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਲਈ ਵੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਜਾਰਤ ਵੱਲੋਂ ਸੂਬੇ ਦੀਆਂ ਹੇਠਲੀਆਂ ਅਦਾਲਤਾਂ ਵਿੱਚ ਮੁਲਾਜ਼ਮਾਂ ਦੀਆਂ 3,842 ਆਸਾਮੀਆਂ ਨੂੰ ਰੈਗੂਲਰ ਕੀਤਾ ਗਿਆ ਹੈ। ਇਸ ਦੇ ਨਾਲ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਡਾਕਟਰਾਂ ਦੀਆਂ 1300 ਆਸਾਮੀਆਂ ਵੀ ਬਣਾਈਆਂ ਗਈਆਂ ਹਨ। ਉਨ੍ਹਾਂ ਨੂੰ ਮੁਹੱਲਾ ਕਲੀਨਿਕਾਂ ਅਤੇ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਤਾਇਨਾਤ ਕੀਤਾ ਜਾਵੇਗਾ। ਇਹ ਆਸਾਮੀਆਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੁਆਰਾ ਭਰੀਆਂ ਜਾਣਗੀਆਂ।