ਗੋਲਡੀ ਬਰਾੜ ਤੇ ਰੋਹਿਤ ਗੋਦਾਰਾ ਦੇ ਤਿੰਨ ਸਾਥੀ ਗ੍ਰਿਫ਼ਤਾਰ, ਦੋ ਪਿਸਤੌਲ ਤੇ ਕਾਰਤੂਸ ਬਰਾਮਦ

ਮੁਹਾਲੀ, 16 ਮਾਰਚ

ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ ਆਧਾਰਤ ਸਰਗਰਮ ਮੈਂਬਰ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਨਾਲ ਸਬੰਧਤ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਅਜੈ ਸਿੰਘ ਉਰਫ਼ ਅਜੈਪਾਲ ਅਤੇ ਅੰਕਿਤ ਦੋਵੇਂ ਵਾਸੀ ਭਿਵਾਨੀ (ਹਰਿਆਣਾ) ਅਤੇ ਲਖਵਿੰਦਰ ਸਿੰਘ ਉਰਫ਼ ਲੱਕੀ ਵਾਸੀ ਏਕੇਐੱਸ ਕਲੋਨੀ ਜ਼ੀਰਕਪੁਰ ਵਜੋਂ ਹੋਈ ਹੈ। ਇਨ੍ਹਾਂ ਖ਼ਿਲਾਫ਼ ਮੁਹਾਲੀ ਦੇ ਥਾਣਾ ਸਟੇਟ ਕਰਾਈਮ ਵਿੱਚ ਵੱਖਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਕਿਤ ਦਾ ਅਪਰਾਧਕ ਪਿਛੋਕੜ ਹੈ ਅਤੇ ਉਹ ਹਰਿਆਣਾ ਵਿੱਚ ਕਤਲ, ਇਰਾਦਾ ਕਤਲ, ਜਬਰਨ ਵਸੂਲੀ ਅਤੇ ਅਸਲਾ ਐਕਟ ਸਮੇਤ ਕਈ ਕੇਸਾਂ ਵਿੱਚ ਸ਼ਾਮਲ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ .32 ਦੇ ਦੋ ਪਿਸਤੌਲ, 11 ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਹੁੰਡਈ ਔਰਾ ਕਾਰ ਵੀ ਪੁਲੀਸ ਵੱਲੋਂ ਜ਼ਬਤ ਕੀਤੀ ਗਈ ਹੈ। ਡੀਜੀਪੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਏਡੀਜੀਪੀ ਪ੍ਰਮੋਦ ਬਾਨ, ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਡੀਐੱਸਪੀ ਬਿਕਰਮਜੀਤ ਸਿੰਘ ਬਰਾੜ ਅਗਵਾਈ ਵਾਲੀ ਏਜੀਟੀਐੱਫ ਟੀਮਾਂ ਨੇ ਤਿੰਨਾਂ ਮੁਲਜ਼ਮਾਂ ਦਾ ਪਿੱਛਾ ਕਰਦਿਆਂ ਉਨ੍ਹਾਂ ਨੂੰ ਮੁਹਾਲੀ ਏਅਰਪੋਰਟ ਸੜਕ ਤੋਂ ਥੋੜਾ ਅੱਗੇ ਜ਼ੀਰਕਪੁਰ ਨੇੜੇ ਫਲੈਟ ’ਚੋਂ ਗ੍ਰਿਫ਼ਤਾਰ ਕੀਤਾ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ, ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ੀ ਅਤੇ ਫਰਾਰ ਗੈਂਗਸਟਰਾਂ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਦੇ ਨਿਰਦੇਸ਼ਾਂ ’ਤੇ ਕੰਮ ਕਰ ਕਰਦੇ ਸਨ। ਇਹ ਤਿੰਨੇ ਰੇਕੀ ਕਰ ਕੇ ਹੋਰ ਲੋੜੀਂਦੀ ਜਾਣਕਾਰੀ ਇਕੱਠੀ ਕਰ ਰਹੇ ਸਨ ਕਿਉਂਕਿ ਇਨ੍ਹਾਂ ਨੂੰ ਵਿਰੋਧੀ ਗੈਂਗਸਟਰਾਂ ਦੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਏਡੀਜੀਪੀ ਪ੍ਰਮੋਦ ਬਾਨ ਨੇ ਦੱਸਿਆ ਕਿ ਮੁਲਜ਼ਮ ਅੰਕਿਤ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਅਪਰਾਧਕ ਪਿਛੋਕੜ ਵਾਲੇ ਵਿਰੋਧੀ ਗੈਂਗਸਟਰ ਜੈ ਕੁਮਾਰ ਉਰਫ਼ ਭੱਦਰ, ਜਿਸ ਵਿਰੁੱਧ ਘਿਣਾਉਣੇ ਅਪਰਾਧਾਂ ਦੇ 27 ਤੋਂ ਵੱਧ ਅਪਰਾਧਿਕ ਪਰਚੇ ਦਰਜ ਸਨ, ਦਾ 6 ਨਵੰਬਰ 2023 ਨੂੰ ਦਿਨ-ਦਿਹਾੜੇ ਕਤਲ ਕੀਤਾ ਗਿਆ ਸੀ ਅਤੇ ਉਹ ਉਦੋਂ ਤੋਂ ਹੀ ਫ਼ਰਾਰ ਸੀ। ਹਰਿਆਣਾ ਪੁਲੀਸ ਨੇ ਉਸ ਦੀ ਗ੍ਰਿਫ਼ਤਾਰੀ ਲਈ ਇਨਾਮ ਵੀ ਰੱਖਿਆ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਅਜੈਪਾਲ ਅਤੇ ਅੰਕਿਤ ਨੇ ਰਾਜਸਥਾਨ ਵਿੱਚ ਮਿੱਥ ਕੇ ਕਤਲ ਕਰਨ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਵੀ ਕੀਤੀ ਸੀ।

Leave a Reply

Your email address will not be published. Required fields are marked *