ਚੰਡੀਗੜ੍ਹ, 29 ਅਪਰੈਲ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਦੇ ਕੋਰ ਕਮੇਟੀ ਮੈਂਬਰ ਵਿਰਸਾ ਸਿੰਘ ਵਲਟੋਹਾ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੀਤਾ। ਉਨ੍ਹਾਂ ਪਾਰਟੀ ਦੇ ‘ਐਕਸ’ ਉੱਤੇ ਪੋਸਟ ਕਰਦਿਆਂ ਕਿਹਾ ਕਿ ‘‘ਇਸ ਐਲਾਨ ਦੇ ਨਾਲ ਹੀ ਪਾਰਟੀ ਨੇ ਪੰਜਾਬ ਤੇ ਚੰਡੀਗੜ੍ਹ ਦੀਆਂ ਸਾਰੀਆਂ 14 ਸੀਟਾਂ ਤੋਂ ਆਪਣੇ ਉਮੀਦਵਾਰ ਐਲਾਨ ਚੁੱਕੀ ਹੈ।’’ ਪ੍ਰਾਪਤ ਜਾਣਕਾਰੀ ਅਨੁਸਾਰ ਲੋਕ ਸਭਾ ਹਲਕਾ ਖਡੂਰ ਸਾਹਿਬ ਇਕ ਪੰਥਕ ਸੀਟ ਮੰਨੀ ਜਾਂਦੀ ਹੈ। ਇਸੇ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਈ ਦਿਨਾਂ ਦੇ ਮੰਥਨ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਵਲਟੋਹਾ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਜੋ ਸਾਲ 2007 ਵਿੱਚ ਵਿਧਾਨ ਸਭਾ ਹਲਕਾ ਵਲਟੋਹਾ ਅਤੇ ਸਾਲ 2012 ਵਿੱਚ ਖੇਮਕਰਨ ਤੋਂ ਚੋਣ ਜਿੱਤੇ ਸਨ।
ਖਡੂਰ ਸਾਹਿਬ ਤੋਂ ‘ਆਪ’ ਨੇ ਲਾਲਜੀਤ ਸਿੰਘ ਭੁੱਲਰ, ਭਾਜਪਾ ਨੇ ਮਨਜੀਤ ਸਿੰਘ ਮੰਨਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜਦੋਂ ਕਿ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁੱਖ ਆਗੂ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਵੀ ਉਥੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਪਾਰਟੀ ਦਾ ਹਾਲੇ ਤੱਕ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਦਾ ਐਲਾਨ ਕਰਨਾ ਬਾਕੀ ਹੈ।