ਫ਼ਤਹਿਗੜ੍ਹ ਸਾਹਿਬ : ਅਗਾਮੀ ਲੋਕ ਸਭਾ ਚੋਣਾ ਲਈ ਲੋਕ ਸਭਾ ਹਲਕਾ 08-ਫ਼ਤਹਿਗੜ੍ਹ ਸਾਹਿਬ (ਅ:ਜ:) ਤੋਂ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਅੱਜ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਮੈਹਿਤੋ ਵੱਲੋਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।
ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਨੇ ਉਮੀਦਵਾਰ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮੁੱਚੀ ਚੋਣ ਪ੍ਰਕ੍ਰਿਆ ਦੌਰਾਨ ਇੱਕ ਉਮੀਦਵਾਰ ਆਪਣੀ ਚੋਣ ਤੇ 90 ਲੱਖ ਰੁਪਏ ਤੋਂ ਵੱਧ ਦਾ ਖਰਚਾ ਨਹੀਂ ਕਰ ਸਕਦਾ ਅਤੇ 20 ਹਜ਼ਾਰ ਰੁਪਏ ਤੋਂ ਵੱਧ ਦੀ ਅਦਾਇਗੀ ਕੇਵਲ ਚੈੱਕ ਰਾਹੀਂ ਹੀ ਕੀਤੀ ਜਾ ਸਕਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਮੀਦਵਾਰ ਵੱਲੋਂ ਕੀਤੇ ਗਏ ਖਰਚਾ ਦਾ ਖਰਚਾ ਰਜਿਸਟਰ ਵਿੱਚ ਇੰਦਰਾਜ ਕਰਨਾ ਲਾਜ਼ਮੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਲਕੇ ਅੰਦਰ ਚੋਣਾ ਦਾ ਐਲਾਨ ਹੁੰਦੇ ਹੀ ਆਦਰਸ਼ ਚੋਣ ਜਾਬਤਾ ਲਾਗੂ ਹੋ ਚੁੱਕਿਆ ਹੈ ਇਸ ਲਈ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਉਮੀਦਵਾਰ ਨੂੰ ਚੋਣ ਕਮਿਸ਼ਨ ਦੀਆਂ ਹੋਰ ਹਦਾਇਤਾਂ ਬਾਰੇ ਵੀ ਜਾਣਕਾਰੀ ਦਿੱਤੀ।