ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ਵਿਖੇ ਸਵੇਰੇ ਮਾਹੌਲ ਉਸ ਸਮੇਂ ਗਰਮਾ ਗਿਆ ਜਦੋਂ ਚੋਣ ਪ੍ਰਚਾਰ ਦੌਰਾਨ ਹਲਕਾ ਚੱਬੇਵਾਲ ਵਿਚ ਲੋਕ ਸਭਾ ਚੋਣਾਂ ’ਚ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਪਹੁੰਚੇ। ਕਿਸਾਨਾਂ ਨੇ ਉਨ੍ਹਾਂ ਨੂੰ ਰੋਕ ’ਤੇ ਕਿਸਾਨੀ ਬਿੱਲਾਂ ਬਾਰੇ ਸਵਾਲ ਕੀਤੇ।ਪ੍ਰਾਪਤ ਜਾਣਕਾਰੀ ਅਨੁਸਾਰ ਜਿਉਂ ਹੀ ਸ਼ੁੱਕਰਵਾਰ ਸਵੇਰੇ ਕਿਸਾਨ ਜਥੇਬੰਦੀਆਂ ਨੂੰ ਪਤਾ ਲੱਗਾ ਕਿ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਵੱਲੋਂ ਪਿੰਡ ਬਾੜੀਆਂ ਕਲਾਂ ਵਿਖੇ ਚੋਣ ਸਭਾ ਰੱਖੀ ਗਈ ਹੈ ਤਾਂ ਕਿਸਾਨ ਪਹਿਲਾਂ ਹੀ ਸੜਕ ਵਿਚਕਾਰ ਦਰੀਆਂ ਵਿਛਾ ਕੇ ਬੈਠ ਗਏ ਅਤੇ ਭਾਜਪਾ ਦਾ ਵਿਰੋਧ ਕਰ ਕੇ ਨਾਅਰੇਬਾਜ਼ੀ ਕਰਨ ਲੱਗੇ।
ਆਪਣਾ ਕਾਫ਼ਲਾ ਲੈ ਕੇ ਜਦੋਂ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਮੌਕੇ ’ਤੇ ਪਹੁੰਚੇ ਤਾਂ ਕਿਸਾਨਾਂ ਨੇ ਉਨ੍ਹਾਂ ਨੂੰ ਰੋਕ ਕੇ ਕਿਸਾਨੀ ਬਿੱਲਾਂ ਅਤੇ ਕਿਸਾਨੀ ਮੁੱਦਿਆਂ ਬਾਰੇ ਸਵਾਲ ਕਰਨੇ ਸ਼ੁਰੂ ਕਰ ਦਿੱਤੇ। ਭਾਜਪਾ ਨੇਤਰੀ ਨੇ ਵੀ ਉਨ੍ਹਾਂ ਨੂੰ ਹਾਈ ਕਮਾਂਡ ਨਾਲ ਗੱਲਬਾਤ ਕਰਨ ਦਾ ਕਹਿ ਕੇ ਆਪਣਾ ਕਾਫ਼ਲਾ ਅੱਗੇ ਤੌਰ ਲਿਆ। ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਨੇ ਹਮੇਸ਼ਾ ਹੀ ਕਿਸਾਨ ਵਿਰੋਧੀ ਫ਼ੈਸਲੇ ਲਏ ਹਨ ਤੇ ਦਿੱਲੀ ਜਾਣ ਸਮੇਂ ਤਰ੍ਹਾਂ-ਤਰ੍ਹਾਂ ਦੇ ਤਸ਼ਦੱਦ ਕਰ ਕੇ ਲੋਕ ਹਿੱਤਾਂ ਤੇ ਲੋਕਤੰਤਰ ਦਾ ਘਾਣ ਕੀਤਾ ਹੈ। ਚੱਬੇਵਾਲ ਪੁਲਿਸ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ।