ਮਾਨਸਾ: ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮਨਾਈ, ਪਰਿਵਾਰ ਨੇ ਇਨਸਾਫ਼ ਲਈ ਲੜਾਈ ਜਾਰੀ ਰੱਖਣ ਦਾ ਐਲਾਨ ਕੀਤਾ

ਮਾਨਸਾ, ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਲੋਂ ਅੱਜ ਉਨ੍ਹਾਂ ਦੀ ਦੂਜੀ ਬਰਸੀ ਪਿੰਡ ਮੂਸਾ ਦੇ ਗੁਰਦੁਆਰੇ ਵਿਖੇ ਮਨਾਈ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਕਾਂਗਰਸ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਅਤੇ ਕਾਂਗਰਸ ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਅਤੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਰਿਸ਼ਤੇਦਾਰ ਅਤੇ ਪਿੰਡ ਨਿਵਾਸੀ ਮੌਜੂਦ ਸਨ। ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਅੱਜ ਦੇਸ਼ ਅਤੇ ਵਿਦੇਸ਼ ਵਿੱਚ ਕਈ ਸਮਾਗਮ ਕਰਵਾਏ ਜਾ ਰਹੇ ਹਨ। ਇਸ ਮੌਕੇ ਮੂਸੇਵਾਲਾ ਦੇ ਪਰਿਵਾਰ ਦੇ ਨਾਲ-ਨਾਲ ਪ੍ਰਸ਼ੰਸਕ ਵੀ ਬੇਹੱਦ ਭਾਵੁਕ ਨਜ਼ਰ ਆ ਰਹੇ ਹਨ। ਜ਼ਿਕਰਯੋਗ ਹੈ ਕਿ 29 ਮਈ 2022 ਦੀ ਸ਼ਾਮ ਮਸ਼ਹੂਰ ਪੰਜਾਬੀ ਗਾਇਕ, ਗੀਤਕਾਰ ਅਤੇ ਅਦਾਕਾਰ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ਨੇੜੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਅਤੇ ਹਸਪਤਾਲ ਲਿਜਾਇਆ ਗਿਆ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ। ਭੋਗ ਤੋਂ ਬਾਅਦ ਮੰਚ ਤੋਂ ਜੀਤ ਮਹਿੰਦਰ ਸਿੰਘ, ਪੀਰ ਮੁਹੰਮਦ ਅਤੇ ਬਲਕੌਰ ਸਿੰਘ ਸਿੱਧੂ ਨੇ ਸੰਬੋਧਨ ਕੀਤਾ। ਬਲਕੌਰ ਸਿੰਘ ਸਿੱਧੂ ਨੇ ਮੂਸੇ ਵਾਲੇ ਦੇ ਇਨਸਾਫ ਲਈ ਜੰਗ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ।

Leave a Reply

Your email address will not be published. Required fields are marked *