ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਘਰ-ਘਰ ਰਾਸ਼ਨ ਸਕੀਮ ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰਨ ਤੌਰ ’ਤੇ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੌੜੇ ਸਿਆਸੀ ਹਿੱਤਾਂ ਕਾਰਨ ਲੋਕਾਂ ਨੂੰ ਗੁਮਰਾਹ ਕਰਨ ਦੀਆਂ ਘਟੀਆ ਚਾਲਾਂ ਚੱਲਣ ਵਾਲੇ ਕੁਝ ਲੋਕਾਂ ਨੇ ਇਹ ਅਫਵਾਹ ਫੈਲਾਈ ਸੀ ਕਿ ਸੂਬਾ ਸਰਕਾਰ ਵੱਲੋਂ ਰਾਸ਼ਨ ਵਿਚ ਵੱਡੀ ਕਟੌਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਬਿਲਕੁਲ ਬੇਬੁਨਿਆਦ ਅਤੇ ਗੈਰ-ਵਾਜਬ ਹੈ ਕਿਉਂਕਿ ਇਸ ਸਕੀਮ ਤਹਿਤ ਸਾਰੇ ਲਾਭਪਾਤਰੀਆਂ ਨੂੰ ਇਹ ਸਹੂਲਤ ਮਿਲ ਰਹੀ ਹੈ ਅਤੇ ਉਨ੍ਹਾਂ ਨੂੰ ਪੂਰਾ ਰਾਸ਼ਨ ਦਿਤਾ ਜਾ ਰਿਹਾ ਹੈ। ਉਨ੍ਹਾਂ ਨੇ ਸੂਬੇ ਭਰ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਇਸ ਸਬੰਧੀ ਰਿਪੋਰਟ ਪਹਿਲਾਂ ਹੀ ਮੰਗੀ ਹੋਈ ਹੈ ਤਾਂ ਜੋ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਬਾਕਾਇਦਾ ਲਾਭ ਮਿਲ ਸਕੇ।