ਜਲੰਧਰ : ਭਾਰਤ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ 34-ਜਲੰਧਰ ਪੱਛਮੀ (ਅ.ਜ.) ਦੀ ਜਿਮਨੀ ਚੋਣ ਲਈ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ, ਜਿਸ ਮੁਤਾਬਕ ਵਿਧਾਨ ਸਭਾ ਹਲਕੇ ਦੀ ਜਿਮਨੀ ਚੋਣ 10 ਜੁਲਾਈ ਨੂੰ 2024 ਨੂੰ ਹੋਵੇਗੀ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਗਜ਼ਟ ਨੋਟੀਫਿਕੇਸ਼ਨ 14 ਜੂਨ ਨੂੰ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਨਿਗਰਾਨ ਟੀਮਾਂ ਨੂੰ ਤੁਰੰਤ ਕਾਰਜਸ਼ੀਲ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜਿਮਨੀ ਚੋਣ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ ਅਤੇ ਸਮੁੱਚੀ ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ।