ਮੀਤ ਹੇਅਰ ਨੇ ਸੰਸਦ ‘ਚ ਮਾਂ ਭਾਸ਼ਾ ਪੰਜਾਬੀ ‘ਚ ਚੁੱਕੀ ਸਹੁੰ

ਬਰਨਾਲਾ : ਲੋਕ ਸਭਾ ਹਲਕਾ ਸੰਗਰੂਰ ਤੋਂ ਚੁਣੇ ਗਏ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਆਗੂ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦ ‘ਚ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਇਸ ਮੌਕੇ ਸੰਸਦ ਭਵਨ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਮੀਤ ਹੇਅਰ ਦੇ ਮਾਤਾ-ਪਿਤਾ, ਪਤਨੀ ਵੀ ਹਾਜ਼ਰ ਸਨ।

ਮੀਤ ਹੇਅਰ ਨੇ ਪੰਜਾਬੀ ਮਾਂ ਬੋਲੀ ‘ਚ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਬਾਅਦ ਮੀਤ ਹੇਅਰ ਨੇ ਦੇਸ਼ ਦੇ ਆਜ਼ਾਦੀ ਘੁਲਾਟੀਆ, ਕਿਸਾਨਾਂ ਤੇ ਜਵਾਨਾਂ ਨੂੰ ਸਿਜਦਾ ਕਰਦਿਆਂ ‘ਇਨਕਲਾਬ ਜ਼ਿੰਦਾਬਾਦ’, ਤੇ ‘ਜੈ ਜਵਾਨ, ਜੈ ਕਿਸਾਨ’ ਦਾ ਨਾਅਰਾ ਵੀ ਬੁਲੰਦ ਕੀਤਾ।

35 ਵਰ੍ਹਿਆਂ ਦੇ ਮੀਤ ਹੇਅਰ ਨੇ ਇਸ ਵਾਰ ਲੋਕ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਸੰਗਰੂਰ ਲੋਕ ਸਭਾ ਹਲਕਾ ਤੋਂ ਆਪਣੇ ਨੇੜਲੇ ਵਿਰੋਧੀ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 1,72,560 ਵੋਟਾਂ ਦੇ ਫਰਕ ਨਾਲ ਹਰਾਇਆ ਸੀ । ਇਹ ਉਨ੍ਹਾਂ ਦੀ ਪਹਿਲੀ ਲੋਕ ਸਭਾ ਚੋਣ ਸੀ। ਇਸ ਤੋਂ ਪਹਿਲਾਂ ਉਹ 2017 ਤੇ 2022 ਵਿੱਚ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਲਗਾਤਾਰ ਦੋ ਵਾਰ ਵਿਧਾਇਕ ਚੁਣੇ ਗਏ ਸਨ। ਸਾਲ 2022 ਤੋਂ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿੱਚ ਬਤੌਰ ਕੈਬਨਿਟ ਮੰਤਰੀ ਵਜੋਂ ਸੇਵਾਵਾਂ ਨਿਭਾ ਰਹੇ ਸਨ।

ਮੀਤ ਹੇਅਰ ਦਾ ਜੱਦੀ ਪਿੰਡ ਬਰਨਾਲਾ ਜ਼ਿਲ੍ਹੇ ਦੇ ਮਹਿਲ ਕਲਾਂ ਹਲਕੇ ਦਾ ਕੁਰੜ (ਛਾਪਾ) ਹੈ ਅਤੇ ਉਹ ਬਰਨਾਲਾ ਸ਼ਹਿਰੀ ਦਾ ਪੱਕਾ ਵਸਨੀਕ ਹੈ। ਬਰਨਾਲਾ ਤੋਂ ਸਕੂਲੀ ਪੜ੍ਹਾਈ ਕਰਨ ਉਪਰੰਤ ਸਵਾਮੀ ਵਿਵੇਕਾਨੰਦ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਬਨੂੜ ਤੋਂ ਮੈਕਨੀਕਲ ਇੰਜਨੀਅਰਿੰਗ ਦੀ ਡਿਗਰੀ ਪਾਸ ਮੀਤ ਹੇਅਰ ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ ਕਰ ਸਨ। ਜਦੋਂ ਉਹ ਅੰਨਾ ਹਜ਼ਾਰੇ ਤੇ ਅਰਵਿੰਦ ਕੇਜਰੀਵਾਲ ਵੱਲੋਂ ਚਲਾਏ ਜਾ ਰਹੇ ਅੰਦੋਲਨ ਨਾਲ ਜੁੜ ਗਏ ਅਤੇ ਫੇਰ ਆਮ ਆਦਮੀ ਪਾਰਟੀ ਦੇ ਮੁੱਢਲੇ ਮੈਂਬਰ ਬਣ ਗਏ। ਮੀਤ ਹੇਅਰ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਵੀ ਪ੍ਰਧਾਨ ਰਹੇ।

ਕੈਬਨਿਟ ਮੰਤਰੀ ਵਜੋਂ ਖੇਡਾਂ ਤੇ ਯੁਵਕ ਸੇਵਾਵਾਂ, ਜਲ ਸਰੋਤ, ਖਣਨ, ਉਚੇਰੀ ਸਿੱਖਿਆ ਤੇ ਭਾਸ਼ਾਵਾਂ, ਸਕੂਲ ਸਿੱਖਿਆ, ਪ੍ਰਸ਼ਾਸਕੀ ਸੁਧਾਰ, ਵਾਤਾਵਰਣ, ਸਾਇੰਸ ਤੇ ਤਕਨਾਲੋਜੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗਾਂ ਦੀਆਂ ਸੇਵਾਵਾਂ ਨਿਭਾਉਣ ਵਾਲੇ ਮੀਤ ਹੇਅਰ ਕ੍ਰਿਕਟ ਤੇ ਬੈਡਮਿੰਟਨ ਦੇ ਚੰਗੇ ਖਿਡਾਰੀ ਵੀ ਹਨ। ਉਨ੍ਹਾਂ ਦੀ ਵਾਤਾਵਰਣ ਸੰਭਾਲ ਦੇ ਸਮਾਜਿਕ ਕੰਮਾਂ, ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਤੇ ਪਸਾਰ ਤੇ ਪਾਲਤੂ ਜਾਨਵਰ ਰੱਖਣ ‘ਚ ਬਹੁਤ ਰੁੱਚੀ ਹੈ। ਜਿਲ੍ਹਾਂ ਬਰਨਾਲਾ ਦੇ ਆਪ ਆਗੂ ਤੇ ਵਰਕਰ ਉਨਾਂ ਨੂੰ ਸੋਸ਼ਲ ਮੀਡੀਆ ਤੇ ਵਧਾਈ ਦੇ ਰਹੇ ਹਨ।

Leave a Reply

Your email address will not be published. Required fields are marked *