ਨਵਜੋਤ ਸਿੱਧੂ ਨੇ ਬਿਜਲੀ ਸਮਝੌਤਿਆਂ ‘ਤੇ ਮੁੜ ਕੀਤਾ ਟਵੀਟ, ਦੱਸਿਆ ਕਿੰਝ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ

navjot singh/nawanpunjab.com

ਚੰਡੀਗੜ੍ਹ, 30 ਅਗਸਤ (ਦਲਜੀਤ ਸਿੰਘ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ‘ਚ ਮਹਿੰਗੇ ਬਿਜਲੀ ਸਮਝੌਤਿਆਂ ਬਾਰੇ ਮੁੜ ਟਵੀਟ ਕੀਤਾ ਗਿਆ ਹੈ। ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਇਕ ਵੀਡੀਓ ਸੰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੂੰ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੂੰ ਤੁਰੰਤ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ ਕਿ ਪ੍ਰਾਈਵੇਟ ਬਿਜਲੀ ਪਲਾਂਟਾਂ ਨੂੰ ਅਦਾ ਕੀਤੇ ਜਾ ਰਹੇ ਟੈਰਿਫ ਨੂੰ ਜਨਤਕ ਹਿੱਤ ‘ਚ ਘਟਾਇਆ ਜਾਵੇ, ਨਹੀਂ ਤਾਂ ਇਹ ਬਿਜਲੀ ਖ਼ਰੀਦ ਸਮਝੌਤਿਆਂ ਨੂੰ ਬੇਅਸਰ ਅਤੇ ਬੇਅਰਥ ਕਰ ਦੇਣਗੇ। ਨਵਜੋਤ ਸਿੱਧੂ ਨੇ ਇਨ੍ਹਾਂ ਬਿਜਲੀ ਖ਼ਰੀਦ ਸਮਝੌਤਿਆਂ ਨੂੰ ਪੂਰੀ ਤਰ੍ਹਾਂ ਰੱਦ ਕਰਨ ਲਈ ਨਵਾਂ ਕਾਨੂੰਨ ਬਣਾਉਣ ਖ਼ਾਤਰ ਇਕ ਦਿਨ ਦੀ ਬਜਾਏ 5-7 ਦਿਨਾਂ ਦਾ ਵਿਧਾਨ ਸਭਾ ਇਜਲਾਸ ਬੁਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਤਲੁਜ-ਯਮੁਨਾ ਲੰਿਕ ਪਾਣੀਆਂ ਦੀ ਵੰਡ ਸਬੰਧੀ ਸਮਝੌਤੇ ਨੂੰ ਰੱਦ ਕਰਨ ਵਾਂਗ ਹੀ ਇਸ ਇਜਲਾਸ ਦੌਰਾਨ ਬਿਜਲੀ ਖ਼ਰੀਦ ਸਮਝੌਤਿਆਂ ਨੂੰ ਰੱਦ ਕਰਨ ਵਾਲਾ ਕਾਨੂੰਨ ਪਾਸ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਮੁੱਦੇ ਹਨ, ਜੋ ਇਕ ਦਿਨ ਦੇ ਇਜਲਾਸ ਦੌਰਾਨ ਹੱਲ ਨਹੀਂ ਹੋ ਸਕਦੇ।

ਨਵਜੋਤ ਸਿੱਧੂ ਨੇ ਕਿਹਾ ਕਿ ਇਸ ਨਾਲ ਜਨਰਲ ਸ਼੍ਰੇਣੀ ਸਮੇਤ ਸਾਰੇ ਘਰੇਲੂ ਖ਼ਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਣ ਦੇ ਨਾਲ ਘਰੇਲੂ ਦਰ ਘਟਾ ਕੇ 3 ਰੁਪਏ ਪ੍ਰਤੀ ਯੂਨਿਟ ਅਤੇ ਉਦਯੋਗਾਂ ਲਈ 5 ਰੁਪਏ ਪ੍ਰਤੀ ਯੂਨਿਟ ਕਰਨ ਸਬੰਧੀ ਪੰਜਾਬ ਸਰਕਾਰ ਨੂੰ ਮਦਦ ਮਿਲੇਗੀ। ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੁਲਾਇਆ ਗਿਆ ਵਿਸ਼ੇਸ਼ ਇਜਲਾਸ ਬਹੁਤ ਹੀ ਸ਼ਲਾਘਾਯੋਗ ਹੈ।
ਨਵਜੋਤ ਸਿੰਘ ਸਿੱਧੂ ਨੇ ਆਪਣੀ ਹੀ ਕਾਂਗਰਸ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਅੱਜ-ਕੱਲ੍ਹ ਪੰਜਾਬ ‘ਚ ਮੁੱਦਿਆਂ ਤੋਂ ਭਟਕਾਉਣ ਦੀ ਰੁੱਤ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੰਸ਼ਾ ਪੰਜਾਬੀਆਂ ਨੂੰ ਦੁਬਾਰਾ ਮੁੱਦਿਆਂ ‘ਤੇ ਲਿਆਉਣ ਦੀ ਹੈ ਕਿਉਂਕਿ ਪੰਜਾਬ ਦੇ ਕਲਿਆਣ ‘ਚ ਹੀ ਸਭ ਦਾ ਕਲਿਆਣ ਹੈ।

Leave a Reply

Your email address will not be published. Required fields are marked *