ਰਾਜਪੁਰਾ : ਸ਼ੰਭੂ ਬਾਰਡਰ ’ਤੇ ਧਰਨੇ ’ਤੇ ਬੈਠੇ ਸੰਯੁਕਤ ਕਿਸਾਨ ਮੋਰਚਾ (ਗ਼ੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਹਰਿਆਣਾ ਪੁਲਿਸ ਵੱਲੋਂ ਗ੍ਰਿਫ਼ਤਾਰ ਕਿਸਾਨਾਂ ਦੀ ਰਿਹਾਈ ਲਈ 17 ਜੁਲਾਈ ਨੂੰ ਅੰਬਾਲਾ ਦੇ ਡਿਪਟੀ ਕਮਿਸ਼ਨਰ ਅਤੇ ਐੱਸਪੀ ਦੇ ਦਫ਼ਤਰਾ ਦਾ ਘਿਰਾਓ ਕੀਤਾ ਜਾਵੇਗਾ।
ਸੋਮਵਾਰ ਨੂੰ ਧਰਨੇ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੌਰਾਨ ਹਰਿਅਣਾ ਪੁਲਿਸ ਨੇ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ ਕੁਝ ਹੋਰ ਕਿਸਾਨਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਜਿਹੜੇ ਅਜੇ ਤੱਕ ਨਹੀਂ ਛੱਡੇ ਗਏ। ਉਨ੍ਹਾਂ ਕਿਸਾਨਾਂ ਦੀ ਰਿਹਾਈ ਲਈ ਮੰਗਲਵਾਰ 17 ਜੁਲਾਈ ਨੂੰ ਪਹਿਲਾਂ ਤੋਂ ਤੈਅ ਪ੍ਰੋਗਰਾਮ ਮੁਤਾਬਕ ਅੰਬਾਲਾ ਦੇ ਡਿਪਟੀ ਕਮਿਸ਼ਨਰ ਤੇ ਐੱਸਪੀ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਲੋਕ ਸਭਾ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਨਵੀਂ ਦਿੱਲੀ ’ਚ ਬੁੱਧੀਜੀਵੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਤੇ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਮਿਲ ਕੇ ਫਸਲਾਂ ’ਤੇ ਐੱਮਐੱਸਪੀ ਦੀ ਗਾਰੰਟੀ ਸਬੰਧੀ ਕਾਨੂੰਨ ਲਿਆਉਣ ਲਈ ਸਰਕਾਰ ’ਤੇ ਦਬਾਅ ਬਣਾਉਣ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਆਪਣੀਆਂ ਮੰਗਾਂ ਤੇ ਹੱਕਾਂ ਦੀ ਪ੍ਰਾਪਤੀ ਲਈ ਲੜਦੀਆਂ ਰਹਿਣਗੀਆਂ ਅਤੇ ਦਿੱਲੀ ਵੱਲ ਕਿਸਾਨਾਂ ਦਾ ਕੂਚ ਕਰਨਾ ਤੈਅ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਤੇ ਵਰਕਰ ਆਦਿ ਹਾਜ਼ਰ ਸਨ।