ਨਵੀਂ ਦਿੱਲੀ, ਨਵੀਂ ਸਰਕਾਰ ਬਣਨ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਸੰਸਦ ਵਿਚ ਅੱਜ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਇਹ ਵਿੱਤ ਮੰਤਰੀ ਦਾ ਲਗਾਤਾਰ ਸੱਤਵਾਂ ਬਜਟ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਰਕਾਰ ਦਾ ਧਿਆਨ ਗਰੀਬਾਂ, ਔਰਤਾਂ, ਨੌਜਵਾਨਾਂ ਤੇ ਕਿਸਾਨਾਂ ’ਤੇ ਰਹੇਗਾ ਤੇ ਸਰਕਾਰ ਨੌਕਰੀਆਂ ਦੇ ਮੌਕੇ ਵਧਾਏਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪਹਿਲੀ ਨੌਕਰੀ ਮਿਲਣ ’ਤੇ 15 ਹਜ਼ਾਰ ਰੁਪਏ ਸਿੱਧੇ ਈਪੀਐਫਓ ਖਾਤੇ ਵਿਚ ਮਿਲਣਗੇ।
ਵਿੱਤ ਮੰਤਰੀ ਨੇ ਸਭ ਤੋਂ ਪਹਿਲਾਂ ਆਪਣੇ ਮੰਤਰਾਲੇ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਤੇ ਇਸ ਤੋਂ ਬਾਅਦ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਹ ਸੰਸਦ ਭਵਨ ਪੁੱਜੇ। ਸੰਸਦ ਭਵਨ ਵਿਚ ਕੈਬਨਿਟ ਨੇ ਬਜਟ ਨੂੰ ਮਨਜ਼ੂਰੀ ਦਿੱਤੀ।
ਇਸ ਬਜਟ ਵਿਚ ਔਰਤਾਂ, ਨੌਜਵਾਨਾਂ ਤੇ ਕਿਸਾਨਾਂ ਨੂੰ ਰਾਹਤ ਮਿਲ ਸਕਦੀ ਹੈ। ਬਜਟ ਉੱਤੇ ਵਿਚਾਰ ਚਰਚਾ ਲਈ ਸੰਸਦ ਦੇ ਦੋਵਾਂ ਸਦਨਾਂ- ਲੋਕ ਸਭਾ ਤੇ ਰਾਜ ਸਭਾ ਲਈ 20-20 ਘੰਟੇ ਦਾ ਸਮਾਂ ਰੱਖਿਆ ਗਿਆ ਹੈ। ਲੋਕ ਸਭਾ ਦੀ ਬਿਜ਼ਨਸ ਐਡਵਾਈਜ਼ਰੀ ਕਮੇਟੀ ਨੇ ਰੇਲ, ਸਿੱਖਿਆ, ਸਿਹਤ, ਐੱਮਐੱਸਐੱਮਈ ਅਤੇ ਫੂਡ ਪ੍ਰੋਸੈਸਿੰਗ ਮੰਤਰਾਲਿਆਂ ਤੋਂ ਇਲਾਵਾ ਹੋਰ ਮੰਤਰਾਲਿਆਂ ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕਰਨ ਦਾ ਫੈਸਲਾ ਕੀਤਾ ਹੈ। ਕੇਂਦਰੀ ਬਜਟ ’ਤੇ ਬਹਿਸ ਲਈ ਕੁੱਲ 20-20 ਘੰਟਿਆਂ ਦਾ ਸਮਾਂ ਦਿੱਤਾ ਗਿਆ ਹੈ। ਸੂਤਰਾਂ ਨੇ ਕਿਹਾ ਕਿ ਵੱਖ ਵੱਖ ਪਾਰਟੀਆਂ ਦੇ ਨੁਮਾਇੰਦਿਆਂ ਵਾਲੀ ਬੀਏਸੀ ਨੇ ਸੈਸ਼ਨ ਦੇ ਏਜੰਡੇ ਬਾਰੇ ਫੈਸਲਾ ਕੀਤਾ ਜਦਕਿ ਕੁਝ ਵਿਰੋਧੀ ਮੈਂਬਰਾਂ ਨੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜ ਮੰਤਰਾਲਿਆਂ ਤੋਂ ਗਰਾਂਟਾਂ ਦੀ ਮੰਗ ਸਬੰਧੀ ਉਨ੍ਹਾਂ ਨਾਲ ਜੁੜੇ ਕਈ ਮਾਮਲਿਆਂ ’ਤੇ ਚਰਚਾ ਕਰਨ ਦੀ ਇਜਾਜ਼ਤ ਮਿਲੇਗੀ।