ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਰਾਜਪਾਲ ਵਜੋਂ ਹਲਫ਼ ਲਿਆ

ਚੰਡੀਗੜ੍ਹ, ਭਾਜਪਾ ਦੇ ਸੀਨੀਅਰ ਆਗੂ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਹਲਫ਼ ਲਿਆ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਨੇ ਰਾਜ ਭਵਨ ਵਿੱਚ ਇੱਕ ਸਮਾਰੋਹ ਦੌਰਾਨ ਕਟਾਰੀਆ ਨੂੰ ਅਹੁਦੇ ਦਾ ਹਲਫ਼ ਦਿਵਾਇਆ। ਇਸ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੇ ਸਾਬਕਾ ਰਾਜਪਾਲ ਵੀਪੀ ਸਿੰਘ ਬਦਨੌਰ ਅਤੇ ਹਰਪਾਲ ਸਿੰਘ ਚੀਮਾ ਤੇ ਗੁਰਮੀਤ ਸਿੰਘ ਖੁੱਡੀਆਂ ਸਮੇਤ ਪੰਜਾਬ ਦੇ ਕਈ ਮੰਤਰੀ ਮੌਜੂਦ ਸਨ। 79 ਸਾਲਾ ਕਟਾਰੀਆ ਨੇ ਹਿੰਦੀ ਵਿੱਚ ਹਲਫ਼ ਲਿਆ। ਜ਼ਿਕਰਯੋਗ ਹੈ ਕਿ ਕਟਾਰੀਆ ਨੇ ਬਨਵਾਰੀਲਾਲ ਪੁਰੋਹਿਤ ਦੀ ਥਾਂ ਲਈ ਹੈ, ਜਿਨ੍ਹਾਂ ਨੇ ਫਰਵਰੀ ਵਿੱਚ ਆਪਣਾ ਅਸਤੀਫ਼ਾ ਦੇ ਦਿੱਤਾ ਸੀ। ਕਟਾਰੀਆ ਇਸ ਤੋਂ ਪਹਿਲਾਂ ਅਸਾਮ ਦੇ ਰਾਜਪਾਲ ਸਨ। ਉਦੈਪੁਰ ਦੇ ਰਹਿਣ ਵਾਲੇ ਕਟਾਰੀਆ ਦੋ ਵਾਰ ਰਾਜਸਥਾਨ ਦੇ ਗ੍ਰਹਿ ਮੰਤਰੀ ਰਹਿ ਚੁੱਕੇ ਹਨ।

Leave a Reply

Your email address will not be published. Required fields are marked *