ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵੀ ਵਿਦੇਸ਼ ਜਾਣ ਲਈ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਕੁਲਤਾਰ ਸਿੰਘ ਸੰਧਵਾਂ ਵੱਲੋਂ ਅਮਰੀਕਾ ਵਿਚ ਹੋਣ ਵਾਲੀ ਸਿਆਸੀ ਕਾਨਫ਼ਰੰਸ ਵਿਚ ਸ਼ਾਮਲ ਹੋਣ ਲਈ ਜਾਣਾ ਸੀ ਪਰ ਕੇਂਦਰ ਸਰਕਾਰ ਵੱਲੋਂ ਇਸ ਲਈ ਮਨਜ਼ੂਰੀ ਨਹੀਂ ਦਿੱਤੀ ਗਈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਓਲੰਪਿਕ ਵਿਚ ਭਾਰਤੀ ਹਾਕੀ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨ ਲਈ ਪੈਰਿਸ ਜਾਣ ਲਈ ਮਨਜ਼ੂਰੀ ਨਹੀਂ ਸੀ ਦਿੱਤੀ ਗਈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇਸ ਪਿੱਛੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਸੀ।
ਜਾਣਕਾਰੀ ਮੁਤਾਬਕ ਅਮਰੀਕਾ ਵਿਚ 4 ਤੋਂ 7 ਅਗਸਤ ਨੂੰ ਹੋਣ ਵਾਲੀ ਇਸ ਕਾਨਫ਼ਰੰਸ ਵਿਚ ਤਕਰੀਬਨ ਦੁਨੀਆ ਦੇ ਵੱਖ-ਵੱਖ ਦੇਸ਼ਾਂ ਤੋਂ 3 ਹਜ਼ਾਰ ਤੋਂ ਵੱਧ ਵਿਧਾਇਕਾਂ ਨੇ ਇਕੱਠੇ ਹੋਣਾ ਸੀ। ਇਸ ਵਿਚ ਭਾਰਤ ਦੇ ਵੀ ਕਈ ਸੂਬਿਆਂ ਤੋਂ ਵਿਧਾਇਕਾਂ ਨੇ ਜਾਣ ਦੀ ਇਜਾਜ਼ਤ ਮੰਗੀ ਸੀ, ਜਿਨ੍ਹਾਂ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਸ਼ਾਮਲ ਹਨ। ਪਰ ਕੇਂਦਰ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਸ ਦੌਰੇ ਲਈ ਮਨਜ਼ੂਰੀ ਨਹੀਂ ਦਿੱਤੀ ਗਈ ਹੈ। ਇਸ ਦੇ ਨਾਲ ਹੀ ਕਈ ਹੋਰ ਸੂਬਿਆਂ ਦੇ ਵਿਧਾਇਕਾਂ ਨੂੰ ਵੀ ਮਨਜ਼ੂਰੀ ਨਹੀਂ ਮਿਲੀ ਹੈ।