ਨਵੀਂ ਦਿੱਲੀ, ’ਤੇ ਤਿਰੰਗਾ ਲਹਿਰਾਉਣ ਦਾ ਮਾਮਲਾ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਉਪ ਰਾਜਪਾਲ ਵਿਚਾਲੇ ਨਵੇਂ ਟਕਰਾਅ ਦਾ ਕਾਰਨ ਬਣ ਗਿਆ ਹੈ। ਸੁਤੰਤਰਤਾ ਦਿਵਸ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਥਾਂ ‘ਤੇ ਛਤਰਸਾਲ ਸਟੇਡੀਅਮ ‘ਚ ਕੈਬਨਿਟ ਮੰਤਰੀ ਆਤਿਸ਼ੀ ਝੰਡਾ ਨਹੀਂ ਲਹਿਰਾ ਸਕਣਗੇ। ਦਿੱਲੀ ਸਰਕਾਰ ਦੇ ਜਨਰਲ ਐਡਮਨਿਸਟ੍ਰੇਸ਼ਨ ਵਿਭਾਗ (ਜੀਏਡੀ) ਨੇ ਮੰਗਲਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਉਸ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਜਿਸ ਵਿੱਚ ਉਨ੍ਹਾਂ ਨੇ ਆਜ਼ਾਦੀ ਦਿਵਸ ‘ਤੇ ਛਤਰਸਾਲ ਸਟੇਡੀਅਮ ਵਿੱਚ ਹੋਣ ਵਾਲੇ ਪ੍ਰੋਗਰਾਮ ਵਿੱਚ ਕੈਬਨਿਟ ਮੰਤਰੀ ਆਤਿਸ਼ੀ ਵੱਲੋਂ ਝੰਡਾ ਲਹਿਰਾਉਣ ਦੀ ਇੱਛਾ ਜਤਾਈ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਤਿਹਾੜ ਜੇਲ੍ਹ ’ਚ ਮੁੱਖ ਮੰਤਰੀ ਕੇਜਰੀਵਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਗੋਪਾਲ ਰਾਏ ਨੇ ਜੀਏਡੀ ਨੂੰ ਆਜ਼ਾਦੀ ਦਿਵਸ ‘ਤੇ ਆਤਿਸ਼ੀ ਦੀ ਤਰਫੋਂ ਝੰਡਾ ਲਹਿਰਾਉਣ ਦੇ ਪ੍ਰਬੰਧ ਕਰਨ ਲਈ ਲਿਖਤੀ ਆਦੇਸ਼ ਜਾਰੀ ਕੀਤਾ ਸੀ।
ਆਜ਼ਾਦੀ ਦਿਵਸ ਦੇ ਪਵਿੱਤਰ ਮੌਕੇ ਘਟੀਆ ਰਾਜਨੀਤੀ ਖੇਡਣਾ ਮੰਦਭਾਗਾ: ਸਿਸੋਦੀਆ
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਉਪ ਰਾਜਪਾਲ ਵੀ.ਕੇ ਸਕਸੈਨਾ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਆਜ਼ਾਦੀ ਦਿਵਸ ਦੇ ਪਵਿੱਤਰ ਮੌਕੇ ’ਤੇ ਘਟੀਆ ਰਾਜਨੀਤੀ ਖੇਡੀ ਜਾ ਰਹੀ ਹੈ।