ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਕਿਹਾ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪ੍ਰਸ਼ਾਸਕੀ ਸਕੱਤਰਾਂ ਨਾਲ ਮੀਟਿੰਗਾਂ ਕਰਨਾ ਸੰਵਿਧਾਨ ਵਿਚ ਅੰਕਿਤ ਸੰਘੀ ਢਾਂਚੇ ਦੀ ਭਾਵਨਾ ਦੇ ਖਿਲਾਫ ਹੈ ਅਤੇ ਇਹ ਕੇਂਦਰ ਸਰਕਾਰ ਵੱਲੋਂ ਰਾਜ ਦੇ ਅੰਦਰੂਨੀ ਮਾਮਲਿਆਂ ਵਿਚ ਸਿੱਧੀ ਦਖਲਅੰਦਾਜ਼ੀ ਹੈ।
ਪਾਰਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਸਲਾਹ ਦਿੱਤੀ ਕਿ ਕੇਂਦਰ ਵੱਲੋਂ ਰਾਜ ਦੇ ਮਾਮਲਿਆਂ ਵਿਚ ਦਖਲਅੰਦਾਜ਼ੀ ਤੋਂ ਬਚਣ ਲਈ ਉਹ ਆਪਣਾ ਘਰ ਸੰਵਾਰਨ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਰਾਜਪਾਲਾਂ ਵੱਲੋਂ ਸੂਬੇ ਦੇ ਪ੍ਰਸ਼ਾਸਕੀ ਅਫਸਰਾਂ ਨਾਲ ਸਿੱਧੀਆਂ ਮੀਟਿੰਗਾਂ ਕਰਨ ਦਾ ਮਤਲਬ ਦੋਹਰੀ ਕਮਾਂਡ ਦੇਣਾ ਹੈ ਅਤੇ ਅਜਿਹਾ ਸੂਬੇ ਦੇ ਹਿੱਤਾਂ ਦੇ ਖਿਲਾਫ ਹੈ। ਉਹਨਾਂ ਕਿਹਾ ਕਿ ਅਜਿਹੀਆਂ ਮੀਟਿੰਗਾਂ ਦਾ ਕੇਂਦਰ-ਰਾਜ ਸੰਬੰਧਾਂ ’ਤੇ ਸਿੱਧਾ ਅਸਰ ਪਵੇਗਾ।