ਗੁਰਦਾਸਪੁਰ – 2015 ਬੈਚ ਦੇ ਆਈ.ਏ.ਐੱਸ. ਅਧਿਕਾਰੀ ਉਮਾ ਸ਼ੰਕਰ ਗੁਪਤਾ ਨੇ ਅੱਜ ਦੁਪਹਿਰ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਣ ਮੌਕੇ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਲੋਕ ਹਿਤ ਦੇ ਮਸਲਿਆਂ ਅਤੇ ਵਿਕਾਸ ਕਾਰਜਾਂ ਉੱਪਰ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖ਼ੁਆਰ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਤੇ ਲੋੜਵੰਦ ਨੂੰ ਮਿਲੇ। ਉਨ੍ਹਾਂ ਕਿਹਾ ਕਿ ਇਸ ਸਰਹੱਦੀ ਜ਼ਿਲ੍ਹੇ ਦੀਆਂ ਮੁਸ਼ਕਲਾਂ/ਸਮੱਸਿਆਵਾਂ ਨੂੰ ਸਮਝ ਕੇ ਅਧਿਕਾਰੀਆਂ ਦੀ ਟੀਮ ਦੇ ਸਹਿਯੋਗ ਨਾਲ ਉਨ੍ਹਾਂ ਦਾ ਯੋਗ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੇੜ ਭਵਿੱਖ ਵਿੱਚ ਹੋਣ ਵਾਲੀ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੂਰੀ ਤਰ੍ਹਾਂ ਨਿਰਪੱਖ ਤੇ ਸ਼ਾਂਤਮਈ ਮਹੌਲ ਵਿੱਚ ਕਰਵਾਇਆ ਜਾਵੇਗਾ।
ਉਮਾ ਸ਼ੰਕਰ ਗੁਪਤਾ ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਵਿੱਚ ਬਤੌਰ ਡਾਇਰੈਕਟਰ ਸੇਵਾਵਾਂ ਨਿਭਾ ਰਹੇ ਸਨ। ਇਸ ਤੋਂ ਇਲਾਵਾ ਉਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿਖੇ ਵੀ ਸੇਵਾਵਾਂ ਨਿਭਾ ਚੁੱਕੇ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਉਮਾ ਸ਼ੰਕਰ ਗੁਪਤਾ ਸਾਲ 2005 ਜ਼ਿਲ੍ਹਾ ਗੁਰਦਾਸਪੁਰ ਵਿਖੇ ਬਤੌਰ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ।