ਨਵੀਂ ਦਿੱਲੀ : ਦਿੱਲੀ (delhi) ਆਬਕਾਰੀ ਨੀਤੀ ਘੁਟਾਲੇ (Liquor Policy Scam) ਨਾਲ ਸਬੰਧਤ ਸੀਬੀਆਈ ਕੇਸ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੰਗਲਵਾਰ ਨੂੰ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇੱਥੋਂ, ਸੀਬੀਆਈ ਦੀ ਮੰਗ ‘ਤੇ ਰਾਊਜ਼ ਐਵੇਨਿਊ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਨਿਆਂਇਕ ਹਿਰਾਸਤ 11 ਸਤੰਬਰ ਤੱਕ ਵਧਾ ਦਿੱਤੀ ਹੈ। ਇਸ ਦੌਰਾਨ ਕੇਜਰੀਵਾਲ ਦੇ ਵਕੀਲ ਨੇ ਉਨ੍ਹਾਂ ਦੀ ਜ਼ਮਾਨਤ ਵਧਾਉਣ ਦਾ ਵਿਰੋਧ ਕੀਤਾ।
ਰਾਊਜ਼ ਐਵੇਨਿਊ ਕੋਰਟ ਨੇ ਇਸੇ ਮਾਮਲੇ ਵਿੱਚ ਸੀਬੀਆਈ ਵੱਲੋਂ ਦਾਇਰ ਚੌਥੀ ਚਾਰਜਸ਼ੀਟ ਦਾ ਵੀ ਨੋਟਿਸ ਲਿਆ ਹੈ। ਸੀਬੀਆਈ ਨੇ ਅਰਵਿੰਦ ਕੇਜਰੀਵਾਲ, ਦੁਰਗੇਸ਼ ਪਾਠਕ, ਵਿਨੋਦ ਚੌਹਾਨ, ਆਸ਼ੀਸ਼ ਮਾਥੁਰ ਅਤੇ ਸਰਥ ਰੈਡੀ ਦੇ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਹੈ। ਅਦਾਲਤ ਨੇ ਪੰਜਾਂ ਦੋਸ਼ੀਆਂ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਇਸ ਮਾਮਲੇ ਦੀ ਸੁਣਵਾਈ ਸਪੈਸ਼ਲ ਜੱਜ ਕਾਵੇਰੀ ਬਵੇਜਾ ਦੀ ਅਦਾਲਤ ਵਿੱਚ ਹੋਈ ਹੈ।