ਚੰਡੀਗੜ੍ਹ, 8 ਸਤੰਬਰ (ਦਲਜੀਤ ਸਿੰਘ)- ਪੰਜਾਬ ‘ਚ ਸਫ਼ਰ ਕਰਨ ਵਾਲੇ ਲੋਕਾਂ ਨੂੰ 9 ਸਤੰਬਰ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਇਸ ਦਿਨ ਸੂਬੇ ਦੇ ਸਾਰੇ ਬੱਸ ਅੱਡੇ ਬੰਦ ਰਹਿਣਗੇ। ਅਸਲ ‘ਚ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਮੁਲਾਜ਼ਮਾਂ ਦੀ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਅੱਜ ਮੀਟਿੰਗ ਹੋਈ ਹੈ। ਮੀਟਿੰਗ ਦੌਰਾਨ ਕੋਈ ਵੀ ਨਤੀਜਾ ਨਹੀਂ ਨਿਕਲਿਆ, ਜਿਸ ਮਗਰੋਂ ਠੇਕਾ ਮੁਲਾਜ਼ਮ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਬੱਸਾਂ ਦਾ ਚੱਕਾ ਜਾਮ ਜਾਰੀ ਰਹੇਗਾ।
ਇਸ ਬਾਰੇ ਠੇਕਾ ਮੁਲਾਜ਼ਮ ਯੂਨੀਅਨ ਦੇ ਆਗੂ ਗੁਰਪ੍ਰੀਤ ਪੰਨੂ ਨੇ ਦੱਸਿਆ ਕਿ ਮੀਟੰਗ ਦੌਰਾਨ ਉਨ੍ਹਾਂ ਨੇ ਸਰਕਾਰ ਅੱਗੇ ਆਪਣੀਆਂ ਮੰਗਾਂ ਰੱਖੀਆਂ ਕਿ ਬਰਾਬਰ ਕੰਮ ਬਰਾਬਰ ਤਨਖਾਹ਼ ਵਾਲਾ ਨਿਯਮ ਲਾਗੂ ਕੀਤਾ ਜਾਵੇ ਪਰ ਮੀਟਿੰਗ ਪੂਰੀ ਤਰ੍ਹਾਂ ਬੇਸਿੱਟਾ ਰਹੀ। ਉਨ੍ਹਾਂ ਨੇ ਦੱਸਿਆ ਕਿ ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਵੱਲੋਂ ਇਸ ਸਬੰਧੀ ਅਗਲੀ ਕਾਰਵਾਈ ਉਲੀਕੀ ਗਈ ਹੈ।
ਇਸ ਮੁਤਾਬਕ 9 ਸਤੰਬਰ ਦਿਨ ਵੀਰਵਾਰ ਨੂੰ ਸੂਬੇ ਦੇ ਸਾਰੇ ਬੱਸ ਅੱਡੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ 10 ਸਤੰਬਰ, ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਸਵਾਂ ਫਾਰਮ ਹਾਊਮ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਅਤੇ ਕੈਪਟਨ ਸਾਹਿਬ ਨੂੰ ਘਰੋਂ ਨਿਕਲਣ ਤੋਂ ਰੋਕਿਆ ਜਾਵੇ।
ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਸਰਕਾਰ ਵੱਲੋਂ ਮੰਨੀਆਂ ਨਹੀਂ ਜਾਂਦੀਆਂ, ਉਦੋਂ ਤੱਕ ਮੁਲਾਜ਼ਮਾਂ ਦੀ ਹੜ੍ਹਤਾਲ ਜਾਰੀ ਰਹੇਗੀ। ਦੱਸਣਯੋਗ ਹੈ ਕਿ ਆਪਣੀਆਂ ਮੰਗਾਂ ਮਨਵਾਉਣ ਲਈ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਠੇਕਾ ਮੁਲਾਜ਼ਮ 6 ਸਤੰਬਰ ਤੋਂ ਹੜ੍ਹਤਾਲ ‘ਤੇ ਬੈਠੇ ਹੋਏ ਹਨ।