ਚੰਡੀਗੜ੍ਹ : ਪੰਜਾਬ ਦੇ ਆੜ੍ਹਤੀਆਂ ਤੇ ਚੌਲ ਮਿੱਲ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਵੱਲੋਂ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰੀ ਨਾਲ ਮੀਟਿੰਗ ਦੌਰਾਨ ਚੁੱਕੀਆਂ ਮੁੱਖ ਮੰਗਾਂ ਨੂੰ ਮੰਨ ਲਿਆ ਹੈ।
ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਲਈ ਪੁੱਜੇ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਝੋਨੇ ਦੀ ਖ਼ਰੀਦ ਇਕ ਤਿਉਹਾਰ ਵਾਂਗ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਅਰਥਚਾਰਾ ਇਸ ਖ਼ਰੀਦ ਸੀਜ਼ਨ ਉਤੇ ਨਿਰਭਰ ਕਰਦਾ ਹੈ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਇਹ ਸੀਜ਼ਨ ਅਹਿਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਮੌਜੂਦਾ ਸਾਉਣੀ ਖ਼ਰੀਦ ਸੀਜ਼ਨ 2024-25 ਦੌਰਾਨ ਪੰਜਾਬ ਵਿੱਚ 185 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋਣ ਦੀ ਸੰਭਾਵਨਾ ਹੈ ਅਤੇ ਮਿਲਿੰਗ ਤੋਂ ਬਾਅਦ 125 ਲੱਖ ਮੀਟਰਿਕ ਟਨ ਚੌਲ ਦੀ ਡਿਲਵਰੀ ਹੋਣ ਦੀ ਉਮੀਦ ਹੈ।