ਰੁਲਦੂ ਸਿੰਘ ਸਮੇਤ ਹੋਰ ਕਿਸਾਨ ਆਗੂ ਚੰਡੀਗੜ੍ਹ ਪੁਲੀਸ ਵੱਲੋਂ ਗ੍ਰਿਫ਼ਤਾਰ

ਮਾਨਸਾ ਝੋਨੇ ਦੀ ਖਰੀਦ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਲਗਾਏ ਜਾ ਰਹੇ ਧਰਨੇ ਵਿੱਚ ਪਹੁੰਚੇ ਕਿਸਾਨ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਕੀਤਾ ਗਿਆ ਹੈ।
ਉਕਤ ਜਾਣਕਾਰੀ ਦਿੰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਬਲਕਰਨ ਸਿੰਘ ਬੱਲੀ ਨੇ ਇਥੇ ਦੱਸਿਆ ਕਿ ਅੱਜ ਸਵੇਰੇ ਕਿਸਾਨ ਆਗੂਆਂ ਦੇ ਜੱਥੇ ਚੰਡੀਗੜ੍ਹ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਪਹੁੰਚੇ ਸਨ ਜਿਨ੍ਹਾਂ ਵਿੱਚ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਭਾਰਤੀ ਕਿਸਾਨ ਯੂਨੀਅਨ ਦੇ ਬੋਘ ਸਿੰਘ ਮਾਨਸਾ, ਮੈਡੀਕਲ ਪ੍ਰੈਕਟੀਸ਼ਨਰ ਦੇ ਧੰਨਾ ਮਲ ਗੋਇਲ, ਕਿਸਾਨ ਆਗੂ ਕਰਨੈਲ ਸਿੰਘ ਮਾਨਸਾ, ਸੁਖਚਰਨ ਸਿੰਘ ਦਾਨੇਵਾਲੀਆ ਸ਼ਾਮਲ ਸਨ, ਨੂੰ ਸਮੇਤ ਸੈਂਕੜੇ ਕਿਸਾਨ ਆਗੂਆਂ ਦੇ ਚੰਡੀਗੜ੍ਹ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਐਡਵੋਕੇਟ ਬੱਲੀ ਨੇ ਕਿਸਾਨਾਂ ਦੀ ਗ੍ਰਿਫ਼ਤਾਰੀ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਝੋਨੇ ਦੇ ਮਸਲੇ ਨੂੰ ਹੱਲ ਕਰਨ ਦੀ ਬਜਾਏ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਾਉਣ ’ਤੇ ਲੱਗੀ ਹੋਈ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀਆਂ ਅਸਲ ਸਮੱਸਿਆਵਾਂ ਵੱਲ ਧਿਆਨ ਦੇ ਕੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਥਾਂ ਤੇ ਉਹਨਾਂ ਸਮੱਸਿਆਵਾਂ ਦਾ ਹੱਲ ਕਰੇ। ਉਹਨਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਇਸੇ ਤਰ੍ਹਾਂ ਗ੍ਰਿਫ਼ਤਾਰ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨੀ ਅੰਦੋਲਨ ਹੋਰ ਤਿੱਖਾ ਕੀਤਾ ਜਾਵੇਗਾ। ਉਹਨਾਂ ਕਿਸਾਨ ਆਗੂਆਂ ਨੂੰ ਤੁਰੰਤ ਰਿਹਾ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਝੋਨੇ ਦੀ ਖਰੀਦ ਨੂੰ ਸੁਚੱਜੇ ਢੰਗ ਨਾਲ ਪੂਰੇ ਪੰਜਾਬ ਵਿੱਚ ਚਾਲੂ ਕੀਤਾ ਜਾਵੇ।

Leave a Reply

Your email address will not be published. Required fields are marked *