ਮਾਛੀਵਾੜਾ ਸਾਹਿਬ- ਸੰਯੁਕਤ ਕਿਸਾਨ ਮੋਰਚਾ ਵਲੋਂ ਮੰਡੀਆਂ ਵਿਚ ਝੋਨੇ ਦੀ ਖਰੀਦ ਸੁਚਾਰੂ ਢੰਗ ਨਾਲ ਨਾ ਹੋਣ ਕਾਰਨ ਅੱਜ ਸੜਕਾਂ ’ਤੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿਚ ਵਿਸ਼ੇਸ਼ ਤੌਰ ’ਤੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਪੁੱਜੇ ਜਿਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿਤਾਵਨੀ ਦਿੱਤੀ ਕਿ ਉਹ ਸੂਬੇ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਕਰ ਦੇਣ ਨਹੀਂ ਤਾਂ ਜੋ ਕਿਸਾਨ ਦੇਸ਼ ਦਾ ਅੰਨਦਾਤਾ ਬਣ ਸਕਦਾ ਹੈ ਉਹ ਅੰਨ ਦਾ ਸੰਕਟ ਵੀ ਖੜ੍ਹਾ ਕਰ ਸਕਦਾ ਹੈ। ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਅੰਦੋਲਨ ਦੀ ਕਿੜ ਕੱਢ ਰਹੀ ਹੈ ਅਤੇ ਅੱਜ ਜੋ ਵੀ ਝੋਨੇ ਦੀ ਖਰੀਦ ਸਬੰਧੀ ਸਮੱਸਿਆਵਾਂ ਹਨ ਉਸਦਾ ਕੋਈ ਵੀ ਹੱਲ ਨਹੀਂ ਹੋ ਰਿਹਾ।
ਉਨ੍ਹਾਂ ਕਿਹਾ ਕਿ ਅੱਜ ਕਿਸਾਨ, ਆੜ੍ਹਤੀ, ਸ਼ੈਲਰ ਮਾਲਕ, ਮਜ਼ਦੂਰ ਪਿਛਲੇ 25 ਦਿਨਾਂ ਤੋਂ ਲਗਾਤਾਰ ਮੰਡੀਆਂ ਵਿਚ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਝੋਨਾ ਨਾ ਵਿਕਣ ਕਾਰਨ ਪੰਜਾਬ ਦੀ ਆਰਥਿਕਤਾ ਨੂੰ ਵੀ ਵੱਡੀ ਢਾਹ ਲੱਗ ਰਹੀ ਹੈ। ਰਾਜੇਵਾਲ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਲਗਾਤਾਰ ਝੋਨੇ ਦੀ ਖਰੀਦ ਸਬੰਧੀ ਜੋ ਮੰਗਾਂ ਹਨ ਉਨ੍ਹਾਂ ਨੂੰ ਮਨਵਾਉਣ ਲਈ ਯਤਨਸ਼ੀਲ ਹੈ ਪਰ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਕੇਵਲ ਲਾਅਰੇ ਹੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਅੱਜ ਵੱਡੇ ਸੰਘਰਸ਼ ਦੇ ਬਾਵਜੂਦ ਵੀ ਮੰਗਾਂ ਨਾ ਮੰਨੀਆਂ ਤਾਂ ਪੰਜਾਬ ਬਰਬਾਦੀ ਵੱਲ ਤੁਰ ਪਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਸਾਲ ਦਾ ਗੁਦਾਮਾਂ ਵਿਚ ਪਿਆ ਅਨਾਜ ਨਹੀਂ ਚੁਕਵਾਇਆ ਅਤੇ ਪੰਜਾਬ ਸਰਕਾਰ ਨੇ ਇਸ ਪ੍ਰਤੀ ਵੀ ਕੋਈ ਗੰਭੀਰਤਾ ਨਹੀਂ ਦਿਖਾਈ ਜਿਸ ਕਾਰਨ ਅੱਜ ਝੋਨੇ ਦੀ ਖਰੀਦ ’ਤੇ ਵੱਡੀ ਪ੍ਰੇਸ਼ਾਨੀ ਬਣੀ ਹੋਈ ਹੈ।
ਫ਼ਤਹਿਗੜ੍ਹ ਸਾਹਿਬ (ਬਿਪਨ): ਅਨਾਜ ਮੰਡੀਆਂ ਵਿਚ ਖਰੀਦ ਤੇ ਲਿਫਟਿੰਗ ਨਾ ਹੋਣ ਕਾਰਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੰਡੀਆਂ ਦੇ ਨਾਲ ਲੱਗਦੇ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਸੱਦੇ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਨੈਸ਼ਨਲ ਹਾਈਵੇਅ ‘ਤੇ ਸਰਹਿੰਦ ਥਾਣੇ ਦੇ ਨੇੜੇ ਪਿੰਡ ਤਰਖਾਣ ਮਾਜਰਾ ਟੀ ਪੁਆਇੰਟ ਨੇੜੇ ਚੱਕਾ ਜਾਮ ਕਰਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।