ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ (ਵੀ.ਬੀ.) ਨੇ ਅੰਮ੍ਰਿਤਸਰ ਜ਼ਿਲ੍ਹੇ ‘ਚ ਹੋਏ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਲੋੜੀਂਦੇ ਭਗੌੜੇ (ਪੀ.ਓ.) ਗੁਲਸ਼ਨ ਜੈਨ ਨੂੰ ਗ੍ਰਿਫ਼ਤਾਰ ਕਰਕੇ ਅਹਿਮ ਸਫ਼ਲਤਾ ਹਾਸਲ ਕੀਤੀ ਹੈ। ਦੱਸਣਯੋਗ ਹੈ ਕਿ ਗੁਲਸ਼ਨ ਜੈਨ ਨੂੰ ਅਦਾਲਤ ਨੇ ਸਾਲ 2019 ਵਿੱਚ ਭਗੌੜਾ ਕਰਾਰ ਦਿੱਤਾ ਸੀ।
ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਦੇ ਵਸਨੀਕ ਗੁਲਸ਼ਨ ਜੈਨ ਨੂੰ ਐਫ.ਆਈ.ਆਰ. ਨੰਬਰ 44 ਮਿਤੀ 05.04.2018 ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਹ ਕੇਸ ਪੁਲਿਸ ਥਾਣਾ ਜੰਡਿਆਲਾ ਗੁਰੂ (ਅੰਮ੍ਰਿਤਸਰ ਦਿਹਾਤੀ) ਵਿਖੇ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ 406, 409, 420, 467, 468, 471, ਅਤੇ 120-ਬੀ ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕੂ ਐਕਟ 1988 ਦੀ ਧਾਰਾ 13 (1) (ਡੀ) ਅਤੇ 13 (2) ਦੇ ਤਹਿਤ ਦਰਜ ਕੀਤਾ ਗਿਆ ਸੀ।