ਤਰਨਤਾਰਨ – ਭਾਰਤ-ਪਾਕਿਸਤਾਨ ਸਰਹੱਦ ਨੇਡ਼ਿਓਂ ਬੀ. ਐੱਸ. ਐੱਫ. ਨੇ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਪਾਸੋਂ 3 ਕਿਲੋ 166 ਗ੍ਰਾਮ ਹੈਰੋਇਨ ਅਤੇ 2 ਪਿਸਤੌਲ ਬਰਾਮਦ ਕਰਨ ’ਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ 4 ਸਮੱਗਲਰਾਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 15 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।
ਬੀ.ਐੱਸ.ਐੱਫ ਦੇ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲਾ ਤਰਨਤਾਰਨ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਢਾਲਾ ਦੀ ਕੰਡਿਆਲੀ ਤਾਰ ਨੇੜੇ ਕੁਝ ਤਸਕਰਾਂ ਦੀ ਸੂਚਨਾ ਪ੍ਰਾਪਤ ਹੋਈ ਸੀ, ਜਿਸ ਸਬੰਧੀ ਬੀ.ਐੱਸ.ਐੱਫ. ਵੱਲੋਂ ਤੁਰੰਤ ਐਕਸ਼ਨ ਲੈਂਦੇ ਹੋਏ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਕੰਡਿਆਲੀ ਤਾਰ ਨੇੜੇ ਮੌਜੂਦ ਟਰੈਕਟਰ-ਟਰਾਲੀ ਦੀ ਡੁੰਗਾਈ ਨਾਲ ਤਲਾਸ਼ੀ ਲੈਣ ਦੌਰਾਨ ਉਸ ’ਚੋਂ ਇਕ ਕਿੱਟ ਬੈਗ ਬਰਾਮਦ ਕੀਤਾ ਗਿਆ, ਜਿਸ ’ਚੋਂ 3 ਕਿਲੋ 166 ਗ੍ਰਾਮ ਹੈਰੋਇਨ ਅਤੇ 2 ਪਿਸਤੌਲ ਬਰਾਮਦ ਕੀਤੇ ਗਏ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਮੌਕੇ ਤੋਂ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ’ਚੋਂ 3 ਨੌਸ਼ਹਿਰਾ ਢਾਲਾ ਅਤੇ ਇਕ ਮੋਗੇ ਦਾ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੂੰ ਨਾਲ ਮਿਲ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।