ਹਾਈ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਲਈ ਜਾਰੀ ਕੀਤੇ ਹੁਕਮ

ਚੰਡੀਗੜ੍ਹ- ਸੂਬੇ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਵਿਚ ਆ ਰਹੀਆਂ ਸਮੱਸਿਆਵਾਂ ਦਾ ਮਾਮਲਾ ਹਾਈ ਕੋਰਟ ਵਿਚ ਪਹੁੰਚ ਗਿਆ ਹੈ। ਇਸ ਮਾਮਲੇ ਵਿਚ ਹਾਈ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਆਪਸੀ ਸਹਿਮਤੀ ਨਾਲ ਮਸਲੇ ਦਾ ਹੱਲ ਕਰਨ ਦੇ ਹੁਕਮ ਦਿੱਤੇ ਹਨ। ਇਸ ਨੂੰ ਲੈ ਕੇ 31 ਅਕਤੂਬਰ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵਿਚਾਲੇ ਅਹਿਮ ਮੀਟਿੰਗ ਹੋਣ ਜਾ ਰਹੀ ਹੈ।

ਦਰਅਸਲ, ਇਕ ਵਕੀਲ ਵੱਲੋਂ ਦਾਖ਼ਲ ਜਨਹਿੱਤ ਪਟਿਸ਼ਨ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਕਾਰਨ ਕਿਸਾਨਾਂ ਨੂੰ ਆ ਰਹੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਮੰਗ ਕੀਤੀ ਗਈ ਸੀ। ਇਸ ਪਟਿਸ਼ਨ ‘ਤੇ ਪਿਛਲੀ ਸੁਣਵਾਈ ਵਿਚ ਹਾਈ ਕੋਰਟ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ FCI ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਸੀ। ਇਸ ਦੇ ਜਵਾਬ ਵਿਚ ਅੱਜ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਕਿਹਾ ਕਿ ਇਸ ਮਸਲੇ ‘ਤੇ 31 ਅਕਤੂਬਰ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀ ਮੀਟਿੰਗ ਹੋਵੇਗੀ, ਜਿਸ ਵਿਚ ਇਸ ਬਾਰੇ ਚਰਚਾ ਕੀਤੀ ਜਾਵੇਗੀ।

ਇਸੇ ਤਰ੍ਹਾਂ ਪੰਜਾਬ ਸਰਕਾਰ ਨੇ ਵੀ ਹਾਈ ਕੋਰਟ ਵਿਚ ਆਪਣਾ ਪੱਖ ਰੱਖਿਆ। ਪੰਜਾਬ ਦੇ ਐਡਵੋਕੇਟ ਜਨਰਲ ਨੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਪੱਧਰ ‘ਤੇ ਕਰਨ ਵਾਲੇ ਕੰਮ ਕਰ ਰਹੀ ਹੈ ਤੇ ਇਸ ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਕੇਂਦਰ ਸਰਕਾਰ ਨੂੰ ਵੀ ਸਮੇਂ-ਸਮੇਂ ‘ਤੇ ਦੱਸ ਰਹੀ ਹੈ। ਅਦਾਲਤ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਆਪਸੀ ਸਹਿਮਤੀ ਨਾਲ ਮਸਲਾ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਪਟਿਸ਼ਨਕਰਤਾ ਨੂੰ ਇਹ ਵੀ ਕਿਹਾ ਗਿਆ ਹੈ ਕਿ ਜੇ ਮੀਟਿੰਗ ਵਿਚ ਇਸ ਮਸਲੇ ਦਾ ਹੱਲ ਨਹੀਂ ਨਿਕਲਦਾ ਤਾਂ ਦੁਬਾਰਾ ਹਾਈ ਕੋਰਟ ਦਾ ਰੁਖ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *